ਮੁਕੇਸ਼ ਕੁਮਾਰ
ਚੰਡੀਗੜ੍ਹ, 19 ਨਵੰਬਰ
ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦਾ 552ਵਾਂ ਪ੍ਰਕਾਸ਼ ਉਤਸਵ ਚੰਡੀਗੜ੍ਹ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀਆਂ ਭਰੀਆਂ। ਇੱਥੇ ਸੈਕਟਰ 19 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ 552 ਕਿੱਲੋ ਦਾ ਕੇਕ ਕੱਟਿਆ ਗਿਆ। ਇਸ ਦਾ ਪ੍ਰਬੰਧ ਨੈਸ਼ਨਲ ਬੇਕਰੀ ਦੇ ਸੰਚਾਲਕ ਸਤਨਾਮ ਸਿੰਘ ਅਤੇ ਸਮਨਦੀਪ ਸਿੰਘ ਵੱਲੋਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਥੇ ਸੈਕਟਰ 15, ਸੈਕਟਰ 20, ਸੈਕਟਰ 21, ਸੈਕਟਰ 34, ਸੈਕਟਰ 44 ’ਤੇ ਸੈਕਟਰ 46 ਸਮੇਤ ਸ਼ਹਿਰ ਦੇ ਹੋਰ ਗੁਰਦੁਆਰਿਆਂ ਵਿੱਚ ਵੀ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਭਾਜਪਾ ਦੇ ਅਹੁਦੇਦਾਰਾਂ ਨੇ ਇਥੇ ਸੈਕਟਰ 44 ਸਥਿਤ ਇਤਿਹਾਸਿਕ ਬਾਗ ਸ਼ਹੀਦਾਂ ਗੁਰੁਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ। ਚੰਡੀਗੜ੍ਹ ਭਾਜਪਾ ਮੁੱਖ ਬੁਲਾਰੇ ਕੈਲਾਸ਼ ਜੈਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਥੇ ਪੁੱਜੇ ਭਾਜਪਾ ਦੇ ਸਾਰੇ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਗੁਰੂ ਨਾਨਕ ਦੇਵ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਾਰਾ ਦਿਨ ਵੱਖ-ਵੱਖ ਗੁਰਦੁਆਰਿਆਂ ਵਿੱਚ ਰੌਣਕਾਂ ਲੱਗੀਆਂ ਰਹੀਆਂ ਅਤੇ ਢਾਡੀ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼ਰਧਾਲੂਆਂ ਨੇ ਸ਼ਾਮ ਨੂੰ ਆਪਣੇ ਘਰਾਂ ਅਤੇ ਗੁਰੂਘਰਾਂ ਵਿੱਚ ਦੀਪਮਾਲਾ ਕੀਤੀ। ਪਿੰਡ ਕੁੰਭੜਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70, ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼-3ਬੀ1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼-8, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਫੇਜ਼-9, ਗੁਰਦੁਆਰਾ ਸ੍ਰੀ ਗੁਰੂ ਹਰ ਚਰਨਕਮਲ ਸਾਹਿਬ ਫੇਜ਼-10, ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਫੇਜ਼-10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 ਅਤੇ ਹੋਰਨਾਂ ਗੁਰੂਘਰਾਂ ਵਿੱਚ ਅੱਜ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ।
ਨਾਢਾ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ
ਪੰਚਕੂਲਾ (ਪੀਪੀ ਵਰਮਾ): ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਉਤਸ਼ਵ ਅੱਜ ਨਾਢਾ ਸਾਹਿਬ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਅੱਜ ਟ੍ਰਾਇਸਿਟੀ ਪੰਚਕੂਲਾ, ਚੰਡੀਗੜ੍ਹ ਅਤੇ ਮੁਹਾਲੀ ਤੋਂ ਇਲਾਵਾ ਪਟਿਆਲਾ, ਰੂਪਨਗਰ ਅਤੇ ਪੰਚਕੂਲਾ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਤੋਂ ਵੀ ਸੰਗਤ ਨੇ ਨਾਢਾ ਸਾਹਿਬ ਮੱਥਾ ਟੇਕਿਆ। ਰਾਗੀ ਢਾਡੀ ਜੱਥਿਆਂ ਨੇ ਅੱਜ ਸਾਰਾ ਦਿਨ ਧਾਰਮਿਕ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਗੁਰਬਾਣੀ ਨਾਲ ਜੋੜਿਆ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵੀ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ। ਉਨ੍ਹਾਂ ਨਾਲ ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਸ਼ਰਮਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੰਚਕੂਲਾ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਬੇਦੀ ਅਤੇ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ, ਗੁਰਦੁਆਰਾ ਨਾਢਾ ਸਾਹਿਬ ਦੇ ਮੈਨੇਜਰ ਮਲਕੀਤ ਤੋਂ ਇਲਾਵਾ ਹੋਰ ਕਈ ਸਿਆਸੀ ਨੇਤਾਵਾਂ ਨੇ ਗੁਰੁਦਆਰਾ ਵਿੱਚ ਮੱਥਾ ਟੇਕਿਆ। ਅੱਜ ਗੁਰਦੁਆਰਾ ਨਾਢਾ ਸਾਹਿਬ ਤੋਂ ਲੈ ਕੇ ਮਾਜਰੀ ਚੌਕ ਤੱਕ ਟਰੈਫਿਕ ਜਾਮ ਰਿਹਾ। ਗੁਰਦੁਆਰਾ ਨਾਢਾ ਸਾਹਿਬ ਮੈਨੇਜਮੈਂਟ ਕਮੇਟੀ ਵੱਲੋਂ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਸੀ। ਪੰਚਕੂਲਾ ਦੇ ਸੈਕਟਰ-7 ਦੇ ਗੁਰਦੁਆਰਾ ਸਿੰਘ ਸਭਾ ਵਿੱਚ ਵੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਤੋਂ ਇਲਾਵਾ ਪਿੰਜ਼ੌਰ ਦੇ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਅਵਧੂ ਸਿੰਘ ਸ਼ਹੀਦਾ ਸੈਕਟਰ-15, ਪੰਚਕੂਲਾ ਵਿੱਚ ਵੀ ਪ੍ਰਕਾਸ਼ ਉਤਸਵ ਮਨਾਇਆ ਗਿਆ।