ਕਰਤਾਰਪੁਰ ਲਾਂਘਾ ਤੁਰੰਤ ਖੋਲਣ ਬਾਰੇ ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਵੱਲੋਂ ਕੇਂਦਰ ਨੂੰ ਪੱਤਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਅਤੇ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਲਈ ਕਰਤਾਰਪੁਰ ਲਾਂਘਾ ਖੋਲਣ ਦੀ ਮੰਗ ਕੀਤੀ ਹੈ ।
ਇਸ ਸਬੰਧੀ ਉਨ੍ਹਾਂ ਕੇਂਦਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਤੁਰੰਤ ਖੋਲਿਆ ਜਾਵੇ ਅਤੇ ਪਾਕਿਸਤਾਨ ਸਥਿਤ ਸਿੱਖ ਗੁਰੂ ਧਾਮਾਂ ਦੀ ਯਾਤਰਾ ਮੁੜ ਬਹਾਲ ਕੀਤੀ ਜਾਵੇ।
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨਾ ਹੈ। ਇਹ ਸਿਰਫ ਯਾਤਰਾ ਨਹੀਂ ਹੈ ਬਲਕਿ ਸਿੱਖਾਂ ਲਈ ਇੱਕ ਆਤਮਿਕ ਅਵਸਰ ਅਤੇ ਧਾਰਮਿਕ ਅਧਿਕਾਰ ਹੈ, ਜਿਸ ਨੂੰ ਰੋਕਣਾ ਬਹੁਤ ਹੀ ਮੰਦਭਾਗਾ ਹੈ।
ਉੱਧਰ ਬਾਜਵਾ ਨੇ ਪੱਤਰ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਪ੍ਰਵਾਨਗੀ ਨਾ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਆਸਥਾ ਨਾਲ ਖਿਲਵਾੜ ਕੀਤਾ ਹੈ।