ਪ੍ਰੀਤ ਨਗਰ ਵਾਸੀ ਟੁੱਟੀਆਂ ਗਲੀਆਂ ਤੇ ਬੰਦ ਸੀਵਰੇਜ ਕਾਰਨ ਪ੍ਰੇਸ਼ਾਨ
ਇੱਥੋਂ ਦੇ ਵਾਰਡ ਨੰਬਰ 10 ਅਤੇ 11 ਪ੍ਰੀਤ ਨਗਰ ਦੇ ਵਸਨੀਕ ਟੁੱਟੀਆਂ ਗਲੀਆਂ ਅਤੇ ਸੀਵਰੇਜ ਲਾਈਨ ਜਾਮ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਲਾਕੇ ਵਿੱਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਬਿਮਾਰੀਆਂ ਫੈਲਣ ਦਾ ਡਰ ਹੈ। ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ। ਇਸ ਤੋਂ ਖ਼ਫ਼ਾ ਲੋਕਾਂ ਨੇ ਅੱਜ ਨਗਰ ਕੌਂਸਲ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਸਮੱਸਿਆ ਦਾ ਛੇਤੀ ਹੱਲ ਕਰਨ ਦੀ ਮੰਗ ਕੀਤੀ ਹੈ।
ਪ੍ਰੀਤ ਨਗਰ ਵਾਸੀ ਸਰਬਜੀਤ ਕੌਰ, ਸੰਤੋਸ਼ ਰਾਣੀ, ਅਨੀਤਾ ਰਾਣੀ, ਪਵਨ ਕੁਮਾਰ, ਕਮਲੇਸ਼, ਤੁਸ਼ਾਰ ਸੈਣੀ, ਗੁਰਦੀਪ ਸੈਣੀ, ਯੋਗੇਸ਼, ਬਲਜੀਤ ਕੌਰ, ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡਾਂ ਵਿੱਚ ਗਲੀਆਂ ਦੀ ਹਾਲਤ ਬਹੁਤ ਖ਼ਰਾਬ ਹੈ। ਕਈ ਥਾਵਾਂ ’ਤੇ ਗਲੀਆਂ ਪੂਰੀ ਤਰ੍ਹਾਂ ਟੁੱਟ ਚੁੱਕੀਆਂ ਹਨ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਵੀ ਵੱਧ ਚਿੰਤਾ ਦਾ ਵਿਸ਼ਾ ਇਹ ਹੈ ਕਿ ਸੀਵਰੇਜ ਲਾਈਨ ਜਾਮ ਹੈ। ਘਰਾਂ ਦਾ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ।
ਵਾਰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਸੂਚਿਤ ਕੀਤਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਲੋਕਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਹੈ। ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਲੈ ਕੇ ਪਰਿਵਾਰ ਚਿੰਤਤ ਹਨ।
ਵਾਰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਟੁੱਟੀਆਂ ਗਲੀਆਂ ਦੀ ਮੁਰੰਮਤ ਕੀਤੀ ਜਾਵੇ ਅਤੇ ਬੰਦ ਸੀਵਰੇਜ ਸਿਸਟਮ ਨੂੰ ਤੁਰੰਤ ਸਾਫ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਮੁਸ਼ਕਲ ਤੋਂ ਰਾਹਤ ਮਿਲ ਸਕੇ ਅਤੇ ਬਿਮਾਰੀਆਂ ਦੇ ਖਤਰੇ ਨੂੰ ਟਾਲਿਆ ਜਾ ਸਕੇ। ਜੇ ਪ੍ਰਸ਼ਾਸਨ ਨੇ ਜਲਦ ਕੋਈ ਕਦਮ ਨਾ ਚੁੱਕਿਆ ਤਾਂ ਲੋਕਾਂ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਛੇਤੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।