ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਡਾ. ਪ੍ਰਿਤਪਾਲ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਲਖਵੀਰ ਸਿੰਘ, ਭਗਵੰਤ ਸਿੰਘ ਧੰਗੇੜਾ ਆਦਿ ਸ਼ਾਮਲ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਅਤੇ ਡਾਕੂਮੈਂਟਰੀਆਂ ਤਿਆਰ ਕਰਵਾਈਆਂ ਜਾਣਗੀਆਂ। -ਨਿੱਜੀ ਪੱਤਰ ਪ੍ਰੇਰਕ