ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਕਰੋਨਾਵਾਇਰਸ ਕਰ ਕੇ ਮਾਰਚ 2020 ਤੋਂ ਪੈਰੋਲ ’ਤੇ ਛੱਡੇ ਗਏ ਬੁੜੈਲ ਜੇਲ੍ਹ ਦੇ ਬੰਦੀਆਂ ਨੂੰ ਕਰੋਨਾਵਾਇਰਸ ਦੇ ਟੈਸਟ ਦੀ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਜੇਲ੍ਹ ’ਚ ਭੇਜਿਆ ਜਾਵੇਗਾ। ਇਸ ਲਈ ਜੇਲ੍ਹ ਪ੍ਰਸ਼ਾਸਨ ਦੀ ਤਰਫੋਂ 16 ਨਵੰਬਰ ਤੋਂ ਰੈਪਿਡ ਐਂਟੀਜਨ ਟੈਸਟ ਕਰਵਾਏ ਜਾਣਗੇ। ਟੈਸਟ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਬੰਦੀ ਨੂੰ ਤੁਰੰਤ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ। ਇਹ ਫ਼ੈਸਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਮਾਰੀ ਕਰ ਕੇ 250 ਦੇ ਕਰੀਬ ਬੰਦੀਆਂ ਨੂੰ ਪੈਰੋਲ ’ਤੇ ਛੱਡਿਆ ਗਿਆ ਸੀ ਪਰ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਬੰਦੀਆਂ ਦੀ ਪੈਰੋਲ ਵਿੱਚ ਵਾਧਾ ਵੀ ਕੀਤਾ ਗਿਆ ਸੀ। ਹੁਣ ਬੰਦੀਆਂ ਨੂੰ ਕਰੋਨਾ ਟੈਸਟ ਤੋਂ ਬਾਅਦ ਜੇਲ੍ਹ ਭੇਜਿਆ ਜਾਵੇਗਾ। ਅਥਾਰਿਟੀ ਅਨੁਸਾਰ ਕਰੋਨਾ ਪਾਜ਼ੇਟਿਵ ਆਉਣ ਵਾਲੇ ਬੰਦੀ ਸੈਕਟਰ-16 ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਹੋਣਗੇ। ਦੱਸਣਯੋਗ ਹੈ ਕਿ ਵੱਖ-ਵੱਖ ਅਪਰਾਧਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਲਈ ਇਕਾਂਤਵਾਸ ਕੇਂਦਰ ਸਥਾਪਤ ਕੀਤਾ ਗਿਆ ਹੈ, ਜਿਥੇ 14 ਦਿਨ ਇਕਾਂਤਵਾਸ ਵਿੱਚ ਰੱਖਣ ਤੋਂ ਬਾਅਦ ਹੀ ਉਨ੍ਹਾਂ ਨੂੰ ਜੇਲ੍ਹ ’ਚ ਭੇਜਿਆ ਜਾਂਦਾ ਹੈ।