ਦਰਸ਼ਨ ਸਿੰਘ ਸੋਢੀ
ਮੁਹਾਲੀ, 26 ਨਵੰਬਰ
‘ਕਾਇਆਕਲਪ ਸਵੱਛ ਭਾਰਤ’ ਮੁਹਿੰਮ ਅਧੀਨ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁਹਾਲੀ ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਵਿਸ਼ੇਸ਼ ਪੁਰਸਕਾਰ ਦੇ ਕੇ ਨਿਵਾਜਿਆ ਗਿਆ। ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਹੋਏ ਸੂਬਾ ਪੱਧਰੀ ਪੁਰਸਕਾਰ ਵੰਡ ਸਮਾਗਮ ਮੌਕੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੁਰਸਕਾਰ ਦੇ ਕੇ ਨਿਵਾਜਿਆ ਗਿਆ ਸੀ।
ਅੱਜ ਇੱਥੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਵੱਲੋਂ ਵੱਖ-ਵੱਖ ਪੈਮਾਨਿਆਂ ’ਤੇ ਖਰੀਆਂ ਉੱਤਰਨ ਵਾਲੀਆਂ 14 ਸਿਹਤ ਸੰਸਥਾਵਾਂ ਦੇ ਮੁਖੀਆਂ, ਸਮੁੱਚੀ ਕਾਇਆਕਲਪ ਟੀਮ ਸਮੇਤ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਨੂੰ ਇਨਾਮੀ ਰਾਸ਼ੀ ਦੇ ਚੈੱਕ, ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਸਿਹਤ ਸੰਸਥਾਵਾਂ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਦੇ ਮੁੱਢਲਾ ਸਿਹਤ ਕੇਂਦਰ ਫੇਜ਼-1, ਫੇਜ਼-7, ਫੇਜ਼-11 ਮੁਹਾਲੀ, ਮੁੱਢਲਾ ਸਿਹਤ ਕੇਂਦਰ ਫੇਜ਼-3ਬੀ1 ਮੁਹਾਲੀ ਸਮੇਤ ਦਿਹਾਤੀ ਖੇਤਰ ਦੇ ਸਿਹਤ ਕੇਂਦਰ ਲਾਂਡਰਾਂ, ਮੁੱਢਲਾ ਸਿਹਤ ਕੇਂਦਰ ਘੜੂੰਆਂ ਤੇ ਬੂਥਗੜ੍ਹ, ਸਬ-ਡਵੀਜ਼ਨਲ ਹਸਪਤਾਲ ਖਰੜ, ਕਮਿਊਨਿਟੀ ਹੈਲਥ ਸੈਂਟਰ ਬਨੂੜ, ਲਾਲੜੂ, ਢਕੋਲੀ, ਚੰਦੋ, ਖਿਜ਼ਰਗੜ੍ਹ ਅਤੇ ਈਸਾਪੁਰ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਨੂੰ ਟਰਾਫ਼ੀ ਦੇ ਨਾਲ 50 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਤੱਕ ਦੀ ਰਾਸ਼ੀ ਵੀ ਦਿੱਤੀ ਗਈ। ਇਕੱਲੇ ਘੜੂੰਆਂ ਹਸਪਤਾਲ ਨੂੰ ਸਭ ਤੋਂ ਵੱਧ 2 ਲੱਖ ਰੁਪਏ ਦੀ ਰਕਮ ਦਿੱਤੀ ਗਈ ਹੈ।