ਆਤਿਸ਼ ਗੁਪਤਾ
ਚੰਡੀਗੜ੍ਹ, 12 ਮਾਰਚ
ਫੈਡਰੇਸ਼ਨ ਆਫ਼ ਸੈਕਟਰ ਵੈੱਲਫੇਅਰ ਐਸੋਸੀਏਸ਼ਨ ਚੰਡੀਗੜ੍ਹ (ਫੋਸਵੈੱਕ) ਦੇ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਕਟਰ-36 ਸਥਿਤ ਪੀਪਲਜ਼ ਕਨਵੈਨਸ਼ਨ ਹਾਲ ਵਿੱਚ ਮੀਟਿੰਗ ਹੋਈ ਜਿਥੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ਕੌਰ ਅਤੇ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਮੀਟਿੰਗ ਵਿੱਚ ਇਲਾਕਾ ਵਾਸੀਆਂ ਨੇ ਆਪੋ-ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ-26 ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਸੈਕਟਰ-35 ਤੋਂ 36 ਵੱਲ ਆਉਣ ਵਾਲੀ ਸੜਕ ਨੂੰ ਬੰਦ ਕੀਤਾ ਗਿਆ ਹੈ। ਇਸ ਕਾਰਨ ਇਲਾਕਾ ਵਾਸੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਬੰਦ ਹੋਣ ਕਾਰਨ ਬੱਚਿਆਂ ਨੂੰ ਸਕੂਲ ਜਾਣ ਸਮੇਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਪਾਰਕ ਵਿੱਚ ਸੈਰ ਕਰਨ ਜਾਣ ਲਈ ਲੰਬਾ ਪੈਂਡਾ ਤੈਅ ਕਰਨਾ ਪੈਂਦਾ ਹੈ। ਪਰਮਜੀਤ ਸਿੰਘ ਅਤੇ ਹੋਰਨਾਂ ਨੇ ਇਸ ਰਾਹ ਨੂੰ ਖੋਲ੍ਹਣ ਦੀ ਮੰਗ ਕੀਤੀ।
ਮੀਟਿੰਗ ਵਿੱਚ ਪਹੁੰਚੇ ਸ਼ਹਿਰ ਦੇ ਹੋਰਨਾਂ ਵਸਨੀਕਾਂ ਨੇ ਵੱਖ-ਵੱਖ ਸੈਕਟਰਾਂ ਵਿੱਚ ਸਫ਼ਾਈ ਵਿਵਸਥਾ ਅਤੇ ਨਿੱਤ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ। ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ਕੌਰ ਅਤੇ ਕਮਿਸ਼ਨਰ ਅਨੰਦਿਤਾ ਮਿੱਤਰਾ ਨੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਪ੍ਰਬੰਧਾਂ ਵਿੱਚ ਨਿਗਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਕਰਨ ਦੀ ਹਦਾਇਤ ਦਿੱਤੀ ਅਤੇ ਆਪਣੇ ਘਰ ਦੇ ਆਲੇ-ਦੁਆਲੇ ਕੂੜਾ ਨਾ ਸੁੱਟਣ ਲਈ ਪ੍ਰੇਰਿਆ।
ਚੰਡੀਗੜ੍ਹ ਨੂੰ ਮਿਲਣਗੇ 6 ਨਵੇਂ ਪੀਸੀਐੱਸ ਅਧਿਕਾਰੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਨੂੰ 6 ਨਵੇਂ ਪੀਸੀਐੱਸ ਅਧਿਕਾਰੀ ਜਲਦੀ ਮਿਲਣਗੇ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਅਪਰੈਲ ਮਹੀਨੇ ਵਿੱਚ ਨਿਯੁਕਤ ਕੀਤੇ ਜਾਣਗੇ। ਇਸ ਮੰਤਵ ਲਈ ਪੰਜਾਬ ਸਰਕਾਰ ਨੇ 12 ਪੀਸੀਐੱਸ ਅਧਿਕਾਰੀਆਂ ਦੀ ਪੈਨਲ ਲਿਸਟ ਭੇਜੀ ਹੈ। ਯੂਟੀ ਪ੍ਰਸ਼ਾਸਨ 12 ਵਿੱਚੋਂ ਚਾਰ ਅਧਿਕਾਰੀਆਂ ਦੀ ਚੋਣ ਕਰੇਗਾ ਜਦੋਂ ਕਿ 2 ਪੀਸੀਐੱਸ ਅਧਿਕਾਰੀ ਜੂਨ ਮਹੀਨੇ ਵਿੱਚ ਨਿਯੁਕਤ ਕੀਤੇ ਜਾਣਗੇ। ਚੰਡੀਗੜ੍ਹ ਵਿੱਚ ਪੰਜਾਬ ਦੇ ਚਾਰ ਪੀਸੀਐੱਸ ਅਧਿਕਾਰੀਆਂ ਦੇ ਡੈਪੂਟੇਸ਼ਨ ਦਾ ਸਮਾਂ ਖਤਮ ਹੋ ਚੁੱਕਾ ਹੈ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਵਾਪਸ ਬੁਲਾ ਲਿਆ ਹੈ। ਇਨ੍ਹਾਂ ਅਧਿਕਾਰੀਆਂ ਦੇ ਬਦਲੇ ਨਵੇਂ ਅਧਿਕਾਰੀ ਤਾਇਨਾਤ ਕਰਨ ਲਈ ਪੰਜਾਬ ਸਰਕਾਰ ਨੇ ਯੂਟੀ ਕੋਲ 12 ਨਵੇਂ ਅਧਿਕਾਰੀਆਂ ਦੀ ਪੈਨਲ ਲਿਸਟ ਭੇਜ ਦਿੱਤੀ ਹੈ। ਪੰਜਾਬ ’ਚ ਵਾਪਸੀ ਕਰਨ ਵਾਲੇ ਚਾਰ ਅਧਿਕਾਰੀਆਂ ਵਿੱਚ ਰੁਪਿੰਦਰਜੀਤ ਸਿੰਘ ਬਰਾੜ, ਕੁਲਜੀਤਪਾਲ ਸਿੰਘ ਮਾਹੀ, ਨਵਜੋਤ ਕੌਰ ਅਤੇ ਜਗਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਡੈਪੂਟੇਸ਼ਨ ਦਾ ਸਮਾਂ ਖਤਮ ਹੋ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੁਪਿੰਦਰਜੀਤ ਸਿੰਘ ਬਰਾੜ ਅਗਸਤ 2015 ਵਿੱਚ ਸਿਟਕੋ ਦੇ ਚੀਫ਼ ਜਨਰਲ ਮੈਨੇਜਰ ਵਜੋਂ ਨਿਯੁਕਤ ਹੋਏ ਸਨ। ਨਵਜੋਤ ਕੌਰ ਨੂੰ ਜੂਨ 2015 ਵਿੱਚ ਡਾਇਰੈਕਟਰ ਸੋਸ਼ਲ ਵੈਲਫੇਅਰ ਵਿਭਾਗ, ਕੁਲਜੀਤਪਾਲ ਸਿੰਘ ਮਾਹੀ ਨੂੰ ਅਗਸਤ 2016 ਵਿੱਚ ਵਧੀਕ ਡਿਪਟੀ ਕਮਿਸ਼ਨਰ ਅਤੇ ਜਗਜੀਤ ਸਿੰਘ ਨੂੰ ਸਾਲ 2017 ਵਿੱਚ ਡਾਇਰੈਕਟਰ ਉਚੇਰੀ ਸਿੱਖਿਆ ਅਤੇ ਆਬਕਾਰੀ ਵਿਭਾਗ ਦੇ ਕਲੈਕਟਰ ਵਜੋਂ ਤਾਇਨਾਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੀਸੀਐੱਸ ਅਧਿਕਾਰੀ ਰਾਕੇਸ਼ ਕੁਮਾਰ ਪੋਪਲੀ ਅਤੇ ਤੇਜਦੀਪ ਸਿੰਘ ਸੈਣੀ ਦਾ ਕਾਰਜਕਾਲ ਜੂਨ 2022 ਵਿੱਚ ਖਤਮ ਹੋ ਜਾਵੇਗਾ।