ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 18 ਅਕਤੂਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1 ਲੱਖ 25 ਹਜ਼ਾਰ 398 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨਾਂ ਨੂੰ 172 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 1 ਲੱਖ 25 ਹਜ਼ਾਰ 258 ਮੀਟਰਿਕ ਟਨ ਝੋਨਾ ਖ਼ਰੀਦਿਆਂ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 30 ਹਜ਼ਾਰ 460 ਮੀਟਰਿਕ ਟਨ, ਮਾਰਕਫੈੱਡ ਨੇ 48 ਹਜ਼ਾਰ 850 ਮੀਟਰਿਕ ਟਨ, ਪਨਸਪ ਨੇ 21 ਹਜ਼ਾਰ 260 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 15 ਹਜ਼ਾਰ 535 ਮੀਟਰਿਕ ਟਨ, ਐੱਫ਼ਸੀਆਈ ਨੇ 8 ਹਜ਼ਾਰ 985 ਮੀਟਰਿਕ ਟਨ ਝੋਨਾ ਖ਼ਰੀਦਿਆਂ ਹੈ ਜਦੋਂਕਿ ਆੜ੍ਹਤੀਆਂ ਨੇ 168 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਡੀਸੀ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।
ਫਤਹਿਗੜ੍ਹ ਸਾਹਿਬ ’ਚ ਦੋ ਲੱਖ ਮੀਟਰਿਕ ਟਨ ਝੋਨੇ ਦੀ ਆਮਦ
ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਇੱਕ ਲੱਖ 92 ਹਜ਼ਾਰ 214 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ ਇੱਕ ਲੱਖ 91 ਹਜ਼ਾਰ 854 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀਆਂ ’ਚੋਂ ਇੱਕ ਲੱਖ 65 ਹਜ਼ਾਰ 148 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 280 ਕਰੋੜ 28 ਲੱਖ ਰੁਪਏ ਜਾਰੀ ਕੀਤੇ ਗਏ ਹਨ।