ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 19 ਅਗਸਤ
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਨੂੰ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਦੇ ਖ਼ਿਲਾਫ਼ ਬੁੱਧਵਾਰ ਨੂੰ ਸਿਟੀਜ਼ਨ ਫੋਰਮ ਦੇ ਨੁਮਾਇੰਦਿਆਂ ਅਤੇ ਵਕੀਲ ਭਾਈਚਾਰੇ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਰਵਿੰਦਰ ਸ਼ਰਮਾ ਸੈਨੇਟਰ, ਲੇਖਕ ਡਾ. ਸੁਖਦੇਵ ਸਿੰਘ ਸਿਰਸਾ, ਵਕੀਲ ਹਰਚੰਦ ਖ਼ਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲੌਂਗੀਆ, ਜਸਪਾਲ ਸਿੰਘ, ਦਿਲਦਾਰ ਸਿੰਘ ਤੇ ਗੁਰਚਰਨ ਸਿੰਘ ਅਤੇ ਅਮਰਨਾਥ, ਅਸ਼ਵਨੀ ਬਖ਼ਸ਼ੀ, ਮੋਹਿੰਦਰ ਪਾਲ, ਵਿਨੋਦ ਚੁੱਗ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਵਿਚਾਰਾਂ ਦੀ ਆਜ਼ਾਦੀ ਅਤੇ ਸੰਵਿਧਾਨ ਤੇ ਨਿਆਂ ਦੇ ਉਲਟ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਂਤ ਭੂਸ਼ਨ ਖ਼ਿਲਾਫ਼ ਸੁਪਰੀਮ ਕੋਰਟ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ।
ਉਧਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਸੀਨੀਅਰ ਐਡਵੋਕੇਟ ਪ੍ਰਸ਼ਾਤ ਭੂਸ਼ਨ ਨੂੰ ਸੁਪਰੀਮ ਕੋਰਟ ਵੱਲੋ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਐਲਾਨਣ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਿਆ ਗਿਆ। ਮੀਟਿੰਗ ਵਿੱਚ ਨਿਖੇਧੀ ਮਤਾ ਪਾਸ ਕਰ ਕੇ ਉੱਚ ਅਦਾਲਤ ਦੇ ਫੈਸਲੇ ਨੂੰ ਵਾਪਸ ਲੈਣ ਦੀ ਗੁਹਾਰ ਲਗਾਈ ਗਈ। ਉਨ੍ਹਾਂ ਕਿਹਾ ਕਿ ਇਹ ਅਲੋਚਨਾ ਦੇ ਉਸ ਸਿਧਾਂਤ ਦਾ ਵੀ ਨਿਰਾਦਰ ਹੈ ਜੋ ਕਿਸੇ ਨਿੱਗਰ ਸਮਾਜ ਦੀ ਸਿਰਜਣਾ ਅਤੇ ਤੰਦਰੁਸਤ ਬੁਨਿਆਦੀ ਢਾਂਚੇ ਦੀ ਨੀਂਹ ਹੁੰਦਾ ਹੈ।
ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਇਹ ਮਹਿਸੂਸ ਕਰਦੀ ਹੈ ਕਿ ਉੱਚ ਅਦਾਲਤ ਦਾ ਇਹ ਫੈਸਲਾ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਮੁੱਢੋਂ ਤੋਂ ਤੋੜਨ ਵਾਲਾ ਹੈ।
ਸਾਂਝਾ ਮੁਲਾਜ਼ਮ ਮੰਚ ਵੱਲੋਂ ਮੁਜ਼ਾਹਰਾ
ਪੰਜਾਬ ਸਟੇਟ ਕਲੈਰੀਕਲ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਊਣ ਲਈ ਅੱਜ ਜਲ ਸਾਧਨ ਭਵਨ ਸੈਕਟਰ-68 ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਚੇਅਰਮੈਨ ਛਿੰਦਰਪਾਲ ਚੀਮਾ ਵੀ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੁਲਾਜ਼ਮਾਂ ਨੂੰ ਮਰਨ ਵਰਤ ’ਤੇ ਬੈਠਣਾ ਪਵੇਗਾ।