ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਖ਼ਿਲਾਫ਼ ਪ੍ਰਦਰਸ਼ਨ

ਮੁਹਾਲੀ ਜ਼ਿਲ੍ਹੇ ਦੇ ਸਿਨੇਮਾਘਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ; ਵੱਡੀ ਗਿਣਤੀ ਪੁਲੀਸ ਤਾਇਨਾਤ
ਗੁਰਦੁਆਰਾ ਅੰਬ ਸਾਹਿਬ ਨੇੜੇ ਮੁਹਾਲੀ ਵਾਕ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਐੱਸਜੀਪੀਸੀ ਦੇ ਮੈਨੇਜਰ ਤੇ ਕਰਮਚਾਰੀ। -ਫੋਟੋ: ਸੋਢੀ
Advertisement

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 17 ਜਨਵਰੀ

Advertisement

ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਅਦਾਕਾਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਅੱਜ ਰਿਲੀਜ਼ ਹੋਈ ਹੈ। ਹਾਲਾਂਕਿ ਸਿੱਖਾਂ ਦੇ ਵਿਰੋਧ ਦੇ ਮੱਦੇਨਜ਼ਰ ਮੁਹਾਲੀ ਦੇ ਕਿਸੇ ਵੀ ਸਿਨੇਮਾਘਰ ਵਿੱਚ ਇਹ ਫ਼ਿਲਮ ਨਹੀਂ ਲੱਗੀ ਪ੍ਰੰਤੂ ਇਸ ਦੇ ਬਾਵਜੂਦ ਐੱਸਜੀਪੀਸੀ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਮੁਹਾਲੀ ਵਾਕ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਉਧਰ, ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਤੋਂ ਇਲਾਵਾ ਪੀਵੀਆਰ, ਜੁਬਲੀਵਾਕ, ਸੀਪੀ-67 ਅਤੇ ਬੈਸਟੈੱਕ ਮਾਲ ਦੇ ਬਾਹਰ ਵੀ ਪੁਲੀਸ ਕਰਮਚਾਰੀ ਤਾਇਨਾਤ ਰਹੇ।

ਐੱਸਜੀਪੀਸੀ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਕੰਗਨਾ ਰਣੌਤ ਭਾਜਪਾ ਦੇ ਇਸ਼ਾਰੇ ’ਤੇ ਪੰਜਾਬ ਅਤੇ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਵੀ ਉਸ ਨੇ ਕਿਸਾਨ ਬੀਬੀਆਂ ਖ਼ਿਲਾਫ਼ ਮਾੜੀ ਤੇ ਭੱਦੀ ਟਿੱਪਣੀ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾ ਸਕਦੀ ਹੈ ਅਤੇ ਇਸ ਨਾਲ ਪੰਜਾਬ ਵਿੱਚ ਹਿੰਸਕ ਘਟਨਾਵਾਂ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਵਿਵਾਦਿਤ ਫ਼ਿਲਮ ਮੁਹਾਲੀ ਜ਼ਿਲ੍ਹੇ ਵਿੱਚ ਰਿਲੀਜ਼ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਸਿੱਧੂ, ਗਿਆਨੀ ਚਰਨਜੀਤ ਸਿੰਘ, ਜਗਰਾਜ ਸਿੰਘ, ਜਗਦੀਪ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਵਿੰਦਰ ਸਿੰਘ, ਸਾਧੂ ਸਿੰਘ, ਸਰਬਜੀਤ ਸਿੰਘ, ਬੀਬੀ ਹਰਬੰਸ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਫ਼ਿਲਮ ‘ਐਮਰਜੈਂਸੀ’ ਦਾ ਰਿਲੀਜ਼ ਹੋਣਾ ਮੰਦਭਾਗਾ: ਜਥੇਦਾਰ ਸੁਲਤਾਨ ਸਿੰਘ

ਸ੍ਰੀ ਆਨੰਦਪੁਰ ਸਾਹਿਬ(ਪੱਤਰ ਪ੍ਰੇਰਕ): ਸੈਂਸਰ ਬੋਰਡ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਅਦਾਕਾਰਾ ਤੇ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਰਿਲੀਜ਼ ਕੀਤੀ ਗਈ ਹੈ ਪ੍ਰੰਤੂ ਇਸ ਫ਼ਿਲਮ ਦਾ ਪੰਜਾਬ ਅੰਦਰ ਵਿਰੋਧ ਸ਼ੁਰੂ ਹੋ ਚੁੱਕਾ ਹੈ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਰਿਲੀਜ਼ ਹੋਣ ’ਤੇ ਆਪਣਾ ਇਤਰਾਜ਼ ਪਹਿਲਾਂ ਹੀ ਜਿਤਾਇਆ ਜਾ ਚੁੱਕਿਆ ਹੈ, ਉੱਥੇ ਹੀ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਜਾਣ ਬੁੱਝ ਕੇ ਇਸ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਪਾਸ ਕਰਕੇ ਰਿਲੀਜ਼ ਕੀਤਾ ਗਿਆ ਹੈ ਅਤੇ ਇਸ ਫ਼ਿਲਮ ਦਾ ਰਿਲੀਜ਼ ਕੀਤਾ ਜਾਣਾ ਬੇਹਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਤੇ ਵੱਖ-ਵੱਖ ਫਿਰਕਿਆਂ ਵਿੱਚ ਵਖਰੇਵੇਂ ਖੜ੍ਹੇ ਕਰਨ ਦੇ ਮੰਤਵ ਨਾਲ ਇਸ ਫਿਲਮ ਨੂੰ ਰਿਲੀਜ਼ ਕੀਤਾ ਗਿਆ ਹੈ। ਜਥੇਦਾਰ ਸੁਲਤਾਨ ਸਿੰਘ ਨੇ ਕਿਹਾ ਕਿ ਸੈਂਸਰ ਬੋਰਡ ਅਤੇ ਸਰਕਾਰਾਂ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਫ਼ਿਲਮ ਦੇ ਪ੍ਰਦਰਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਲਾ ਅਤੇ ਕਲਾਕਾਰਾਂ ਦਾ ਹਮੇਸ਼ਾ ਸਨਮਾਨ ਕਰਦੇ ਹਨ ਪ੍ਰੰਤੂ ਜੇ ਜਾਣ ਬੁੱਝ ਕੇ ਇੱਕ ਸਾਜ਼ਿਸ਼ ਤਹਿਤ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਫਿਰ ਇਹ ਸਿੱਖਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ।

ਚੰਡੀਗੜ੍ਹ ਦੇ ਸਿਨੇਮਾਘਰਾਂ ਵਿੱਚ ਫ਼ਿਲਮ ’ਤੇ ਰੋਕ ਲਗਾਉਣ ਦੀ ਮੰਗ

ਚੰਡੀਗੜ੍ਹ (ਕੁਲਦੀਪ ਸਿੰਘ): ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੀ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਸੈਕਟਰ 34-ਡੀ ਵਿੱਚ ਚੇਅਰਮੈਨ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਤੇਜਵੰਤ ਸਿੰਘ ਗਿੱਲ, ਰਣਜੀਤ ਸਿੰਘ ਢਿੱਲੋਂ, ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਗੁਰਜੋਤ ਸਿੰਘ ਸਾਹਨੀ, ਗੁਰਬਖਸ਼ ਸਿੰਘ, ਸੁਖਜਿੰਦਰ ਸਿੰਘ ਬਹਿਲ, ਹਰਪ੍ਰੀਤ ਸਿੰਘ ਆਦਿ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਫਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਨੂੰ ਚੰਡੀਗੜ੍ਹ ਦੇ ਸਿਨੇਮਾਘਰਾਂ ਵਿੱਚ ਲੱਗਣ ਤੋਂ ਰੋਕਣ ਲਈ ਮਤਾ ਪਾਸ ਕੀਤਾ ਗਿਆ ਅਤੇ ਇਸੇ ਸਬੰਧ ਵਿੱਚ ਯੂਟੀ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਨੂੰ ਲਿਖਤੀ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਕਤ ਬੁਲਾਰਿਆਂ ਨੇ ਕਿਹਾ ਕਿ ਇਸ ਫਿਲਮ ਵਿੱਚ ਸੰਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ’ਤੇ ਹੋਏ ਹਮਲਿਆਂ ਰਾਹੀਂ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਕਰਕੇ ਸਮੁੱਚੇ ਸਿੱਖ ਜਗਤ ਵਿੱਚ ਰੋਸ ਅਤੇ ਰੋਹ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ਇਹ ਫ਼ਿਲਮ ਬੰਦ ਕਰਵਾ ਦਿੱਤੀ ਗਈ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਅਪੀਲ ਹੈ ਕਿ ਚੰਡੀਗੜ੍ਹ ਦੇ ਸਿਨੇਮਾ ਘਰਾਂ ਵਿੱਚ ਇਸ ਫ਼ਿਲਮ ਉਤੇ ਰੋਕ ਲਗਾ ਦਿੱਤੀ ਜਾਵੇ। ਜੇਕਰ ਰੋਕ ਨਾ ਲਗਾਈ ਗਈ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Advertisement
Show comments