ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 15 ਜੁਲਾਈ
ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਮੁਹਾਲੀ ਜ਼ਿਲ੍ਹੇ ਵਿੱਚੋਂ ਬਸਪਾ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇੱਥੇ ਰੋਸ ਮਾਰਚ ਵੀ ਕੱਢਿਆ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਸਪਾ ਦੇ ਸੂਬਾ ਸਕੱਤਰ ਤੇ ਚੰਡੀਗੜ੍ਹ ਦੇ ਇੰਚਾਰਜ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਮੁਹਾਲੀ ਦੇ ਡੀਸੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸੌਂਪ ਕੇ ਸੰਵਿਧਾਨ ਅਨੁਸਾਰ ਰਾਖਵੇਂਕਰਨ ਨੂੰ ਅੱਖੋਂ ਪਰੋਖੇ ਕਰਨ ’ਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਸੂਬਾ ਸਕੱਤਰ ਰਾਜਾ ਨਨਹੇੜੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ 178 ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਨ ਵਾਲੇ ਰਾਖਵੇਂਕਰਨ ਦੀ ਸੰਵਿਧਾਨਿਕ ਨੀਤੀ ਨੂੰ ਦਰਕਿਨਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਇਸ ਸਬੰਧੀ ਕੀਤੀਆਂ ਟਿੱਪਣੀਆਂ ਹੋਰ ਵੀ ਮੰਦਭਾਗੀਆਂ ਹਨ, ਜਿਨ੍ਹਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਬੰਧਤ ਨਿਯੁਕਤੀਆਂ ’ਚ ਰਾਖਵਾਂਕਰਨ ਲਾਗੂ ਨਾ ਕੀਤਾ ਤਾਂ ਸੰਘਰਸ਼ ਵਿੱਢਿਆ ਜਾਵੇਗਾ।
ਖਰੜ (ਪੱਤਰ ਪ੍ਰੇਰਕ): ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਸਭਾ ਦੇ ਪ੍ਰਧਾਨ ਹਰਕਾਦਾਸ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਖਰੜ ਦੇ ਐੱਸਡੀਐੱਮ ਦਿੱਤਾ ਗਿਆ। ਸਭਾ ਨੇ ਮੰਗ ਕੀਤੀ ਕਿ ਲਾਅ ਅਫਸਰਾਂ ਦੀ ਭਰਤੀ ’ਚ ਐੱਸਸੀ/ਬੀਸੀ ਲਈ ਰਾਖਵਾਂਕਰਨ ਦਿੱਤਾ ਜਾਵੇ।
ਪੰਜਾਬ ਸਰਕਾਰ ਦੀ ਅਰਥੀ ਫੂਕੀ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਐੱਸਸੀ ਤੇ ਬੀਸੀ ਕਰਮਚਾਰੀ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕਾਈ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਐਡਵੋਕੇਟ ਜਨਰਲ ਪੰਜਾਬ ਅਨਮੋਲ ਰਤਨ ਸਿੱਧੂ ਦਾ ਪੁਤਲਾ ਫੂਕਿਆ ਗਿਆ। ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਐਸ.ਸੀ/ ਬੀ.ਸੀ ਵਰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਲਾਅ ਅਫ਼ਸਰਾਂ ਦੀ ਭਰਤੀ ’ਚ ਐਸ.ਸੀ/ਬੀ.ਸੀ ਨੂੰ ਰਾਖਵਾਂਕਰਨ ਨਾ ਦਿੱਤਾ ਤਾਂ ਫੈਡਰੇਸ਼ਨ ਸੰਘਰਸ਼ ਤੇਜ਼ ਕਰੇਗੀ।