ਹਰਜੀਤ ਸਿੰਘ
ਡੇਰਾਬੱਸੀ, 27 ਜੁਲਾਈ
ਮੁੱਖ ਅੰਸ਼
- ਫੈਕਟਰੀਆਂ ਲਈ ਮਾਲ ਲਿਆਉਣ ਵਾਲੇ ਵਾਹਨ ਹਾਦਸਿਆਂ ਦਾ ਹੁੰਦੇ ਹਨ ਸ਼ਿਕਾਰ
- ਮੌਨਸੂਨ ਦੇ ਸੀਜ਼ਨ ਵਿੱਚ ਸੜਕ ਦੀ ਹਾਲਤ ਹੋਰ ਖਰਾਬ ਹੋਈ
ਇਥੋਂ ਦੀ ਬਰਵਾਲਾ ਰੋਡ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਸਨਅਤਕਾਰ ਇਸ ਸੜਕ ’ਤੇ ਇਕੱਤਰ ਹੋਏ ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਗੁੱਸੇ ਦਾ ਇਜ਼ਹਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਡੇਰਾਬੱਸੀ ਦਾ ਵੱਡਾ ਇੰਡਸਟਰੀ ਜ਼ੋਨ ਬਰਵਾਲਾ ਰੋਡ ਦੇ ਇਰਦ-ਗਿਰਦ ਚਲ ਰਿਹਾ ਹੈ। ਇਸ ਰੋਡ ਦੀ ਹਾਲਤ ਕਾਫੀ ਸਮੇਂ ਤੋਂ ਖਸਤਾ ਬਣੀ ਹੋਈ ਹੈ। ਮੀਂਹ ਕਾਰਨ ਇਸ ਸੜਕ ’ਤੇ ਚਲਣਾ ਮੁਸ਼ਕਲ ਹੋਇਆ ਪਿਆ ਹੈ। ਇਸ ਸਬੰਧੀ ਉਹ ਲੰਮੇ ਸਮੇਂ ਤੋਂ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਕਰ ਰਹੇ ਹਨ ਪਰ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੰਗ ਨੂੰ ਲੈ ਕੇ ਉਹ ਲੰਘੇ ਦਿਨੀਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ ਇਸ ਮੰਗ ਨੂੰ ਵਿਧਾਨ ਸਭਾ ਵਿੱਚ ਚੁੱਕਣ ਦਾ ਭਰੋਸਾ ਦੇ ਕੇ ਛੇਤੀ ਸੜਕ ਬਣਵਾਉਣ ਦਾ ਭਰੋਸਾ ਦਿੱਤਾ ਸੀ।
ਸਨਅਤਕਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਾਲੇ ਤੱਕ ਇਸ ਸੜਕ ਦਾ ਕੰਮ ਚਾਲੂ ਨਹੀਂ ਹੋਇਆ ਜਦਕਿ ਸੜਕ ’ਤੇ ਵੱਡੇ ਵੱਡੇ ਟੋਏ ਪਏ ਹੋਏ ਹਨ ਜਿਸ ਕਾਰਨ ਇਥੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਇਥੇ ਖੱਡਿਆਂ ਕਾਰਨ ਮਾਲ ਲੈ ਕੇ ਆਉਣ ਵਾਲੀ ਗੱਡੀਆਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝਲਣਾ ਪੈ ਰਿਹਾ ਹੈ। ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸਨਅਤਾਂ ਵਿੱਚ ਆਉਣ ਵਾਲੇ ਸਟਾਫ਼ ਨੂੰ ਰੋਜ਼ਾਨਾ ਦਿੱਕਤ ਆ ਰਹੀ ਹੈ। ਮੀਂਹ ਦੇ ਦਿਨਾਂ ਵਿੱਚ ਸੜਕ ਹੋਰ ਖਤਰਨਾਕ ਰੂਪ ਧਾਰ ਲੈਂਦੀ ਹੈ ਜਿਸ ਦੀ ਵਰਤੋਂ ਕਰਨੀ ਖਤਰੇ ਤੋਂ ਖਾਲੀ ਨਹੀਂ ਹੈ। ਅੱਜ ਜਦੋਂ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਦਰਸ਼ਨ ਕਰ ਰਹੇ ਸੀਨ ਤਾਂ ਸੜਕ ’ਤੇ ਤੂੜੀ ਵਾਲੀ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ।
ਮੌਨਸੂਨ ਤੋਂ ਬਾਅਦ ਸੜਕ ਦੀ ਮੁਰੰਮਤ ਕਰਵਾਈ ਜਾਵੇਗੀ: ਵਿਧਾਇਕ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਸਲਾ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਸੀ। ਪੀਡਬਲਿਊਡੀ ਵਿਭਾਗ ਦੇ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਛੇਤੀ ਇਸ ਸੜਕ ਦਾ ਕੰਮ ਚਾਲੂ ਕਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਮੌਨਸੂਨ ਤੋਂ ਬਾਅਦ ਸੜਕ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਨੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ।