ਪੱਤਰ ਪ੍ਰੇਰਕ
ਚੰਡੀਗੜ੍ਹ, 28 ਸਤੰਬਰ
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਮੁਲਾਜ਼ਮਾਂ ’ਤੇ ਆਧਾਰਿਤ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮਾਂ ਵੱਲੋਂ ਅੱਜ ਸੈਕਟਰ-37 ਸਥਿਤ ਵਾਟਰ ਵਰਕਸ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇ ਲਿਖ ਕੇ ਤਖ਼ਤੀਆਂ ਫੜ ਕੇ ਰੋਸ ਵਿਖਾਵਾ ਕੀਤਾ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ, ਪੈਟਰਨ ਰਾਜਾ ਰਾਮ, ਸੰਯੁਕਤ ਸਕੱਤਰ ਰਾਜਿੰਦਰ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਲਗਾਤਾਰ ਅੰਦੋਲਨ ਕਰ ਰਹੇ ਹਨ ਪਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਗਲਾ ਰੋਸ ਪ੍ਰਦਰਸ਼ਨ 10 ਅਕਤੂਬਰ ਨੂੰ ਸੈਕਟਰ-23 ਦੇ ਬਾਗਬਾਨੀ ਦਫ਼ਤਰ ਵਿੱਚ ਕੀਤਾ ਜਾਵੇਗਾ। ਮੁਲਾਜ਼ਮ ਆਗੂ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਠੇਕੇਦਾਰ ਰਾਹੀਂ ਭਰਤੀ ਕੀਤੇ ਦਿਹਾੜੀਦਾਰ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਵੱਲੋਂ ਜਗਦੀਸ਼ ਸਿੰਘ ਕਾਰਜਕਾਰੀ ਇੰਜਨੀਅਰ ਪਬਲਿਕ ਹੈਲਥ ਡਿਵੀਜ਼ਨ ਨੰਬਰ 3 ਐੱਮਸੀ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਡਿਵੀਜ਼ਨ ਨਾਲ ਸਬੰਧਤ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।