ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ(ਮੁਹਾਲੀ), 19 ਅਕਤੂਬਰ
ਕਾਫ਼ੀ ਸਮਾਂ ਪਹਿਲਾਂ ਬੰਦ ਕੀਤੀ ਗਈ ਫ਼ਿਲਿਪਸ ਲਾਈਟਿੰਗ ਕੰਪਨੀ ਦੇ ਕਾਮਿਆਂ ਨੇ ਆਪਣੇ ਪਰਿਵਾਰਕ ਸਮੇਤ ਫੈਕਟਰੀ ਦੇ ਅਹਾਤੇ ਨੇੜੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਫੈਕਟਰੀ ਪ੍ਰਬੰਧਕਾਂ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਸੋਸ਼ਲ ਕਾਰਕੁਨ ਸਤਨਾਮ ਸਿੰਘ ਦਾਊਂ ਦਾ ਧੰਨਵਾਦ ਕੀਤਾ ਅਤੇ ਸਾਬਕਾ ਉਦਯੋਗ ਮੰਤਰੀ ਵਿਰੁੱਧ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਫੈਕਟਰੀ ਦੇ ਪਲਾਟ ਨੂੰ ਗਲਤ ਢੰਗ ਨਾਲ ਵੇਚਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਉੱਤੇ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਥਾਂ ਫੈਕਟਰੀ ਮਾਲਕਾਂ ਦਾ ਪੱਖ ਪੂਰਨ ਦੇ ਦੋਸ਼ ਲਾਏ।
ਫਿਲਿਪਸ ਸੰਘਰਸ਼ ਕਮੇਟੀ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਨੇ ਫੈਕਟਰੀ ਦੀ ਮੈਨੇਜਮੈਂਟ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਕੇ ਵਰਕਰਾਂ ਅਤੇ ਕਾਮਿਆਂ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਹੇਰਾ-ਫੇਰੀ ਨਾਲ ਫੈਕਟਰੀ ਦੇ ਪਲਾਟ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਅਤੇ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੰਪਨੀ ਬੰਦ ਕੀਤੀ ਗਈ ਹੈ। ਪੰਜਾਬ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੁੱਘ ਨੇ ਚਿਤਾਵਨੀ ਦਿੱਤੀ ਕਿ ਫੈਕਟਰੀ ਕਾਮੇ ਅਤੇ ਉਨ੍ਹਾਂ ਦੇ ਪਰਿਵਾਰ ਚੁੱਪ ਕਰਕੇ ਨਹੀਂ ਬੈਠਣਗੇ ਅਤੇ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।