ਕਰਮਜੀਤ ਸਿੰਘ ਚਿੱਲਾ
ਬਨੂੜ, 11 ਅਗਸਤ
ਪਿਛਲੇ ਲੰਮੇਂ ਸਮੇਂ ਤੋਂ ਸੁਸਰੀ ਤੋਂ ਪ੍ਰੇਸ਼ਾਨ ਹੋ ਰਹੇ ਐਫ਼ਸੀਆਈ ਦੇ ਗੋਦਾਮਾਂ ਦੇ ਆਲੇ ਦੁਆਲੇ ਦੇ ਵਾਰਡਾਂ ਦੇ ਵਸਨੀਕਾਂ ਨੇ ਅੱਜ ਗੋਦਾਮਾਂ ਦੇ ਗੇਟ ਅੱਗੇ ਧਰਨਾ ਦਿੱਤਾ। ਧਰਨੇ ਵਿੱਚ ਮਹਿਲਾਵਾਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਗੋਦਾਮਾਂ ਦੇ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੁਸਰੀ ਦੀ ਸਮੱਸਿਆ ਹੱਲ ਨਾ ਹੋਈ ਤਾਂ ਉਹ ਇੱਥੇ ਪੱਕਾ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਇਕੱਤਰਤਾ ਨੇ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੰਘਣੀ ਆਬਾਦੀ ਵਿੱਚ ਆ ਚੁੱਕੇ ਇਨ੍ਹਾਂ ਗੋਦਾਮਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਵਾਏ ਜਾਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਘੜਾਮਾਂ, ਨਗਰ ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ, ਗੁਰਦਰਸ਼ਨ ਸਿੰਘ ਖਾਸਪੁਰ, ‘ਆਪ’ ਆਗੂ ਐਡਵੋਕੇਟ ਬਿਕਰਮਜੀਤ ਪਾਸੀ, ਅਮਰੀਕ ਸਿੰਘ ਤੇ ਕਾਮਰੇਡ ਦਵਿੰਦਰ ਸਿੰਘ ਨੇ ਆਖਿਆ ਕਿ ਉਹ ਸੁਸਰੀ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਐੱਫਸੀਆਈ ਦੇ ਸਥਾਨਕ ਪ੍ਰਬੰਧਕਾਂ ਤੇ ਉੱਚ ਅਫਸਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕਰ ਕੇ ਥੱਕ ਚੁੱਕੇ ਹਨ, ਪਰ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸੁਸਰੀ ਉਡ ਕੇ ਉਨ੍ਹਾਂ ਦੇ ਘਰਾਂ ਦੇ ਅੰਦਰ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਆ ਰਹੀ ਹੈ।
ਇਸ ਮੌਕੇ ਗੁਰਜੰਤ ਸਿੰਘ, ’ਆਪ’ ਆਗੂ ਲੱਖੀ ਸੰਧੂ, ਕਰਤਾਰ ਸਿੰਘ, ਮਨਿੰਦਰਵੀਰ ਸਿੰਘ, ਰਵੀ ਕੰਬੋਜ, ਗੁਰਮੁੱਖ ਸਿੰਘ, ਸਮਾਜ ਸੇਵੀ ਨੌਜਵਾਨ ਆਗੂ ਜ਼ੋਰਾ ਸਿੰਘ ਆਦਿ ਹਾਜ਼ਰ ਸਨ।
ਡਿਪੂ ਮੈਨੇਜਰ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ
ਬਨੂੜ ਥਾਣੇ ਦੇ ਏਐੱਸਆਈ ਮਹਿੰਦਰ ਸਿੰਘ ਤੇ ਨਾਇਬ ਤਹਿਸੀਲਦਾਰ ਦੇ ਰੀਡਰ ਗੁਰਨਾਮ ਸਿੰਘ ਮੌਕੇ ’ਤੇ ਪੁੱਜ ਗਏ। ਉਨ੍ਹਾਂ ਡਿਪੂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਡੀਪੂ ਮੈਨੇਜਰ ਜਗਪਾਲ ਸਿੰਘ ਨੂੰ ਮੌਕੇ ’ਤੇ ਬੁਲਾਇਆ। ਮੈਨੇਜਰ ਨੇ ਇੱਕ ਹਫਤੇ ਦੇ ਅੰਦਰ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਧਰਨਾਕਾਰੀਆਂ ਨੇ ਇੱਕ ਹਫ਼ਤੇ ਲਈ ਸੰਘਰਸ਼ ਮੁਲਤਵੀ ਕਰ ਦਿੱਤਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਸੁਸਰੀ ਦਾ ਖਾਤਮਾ ਨਾ ਹੋਇਆ ਤਾਂ ਉਹ ਗੋਦਾਮਾਂ ਦੇ ਗੇਟ ਦਾ ਪੱਕੇ ਤੌਰ ’ਤੇ ਘਿਰਾਓ ਕਰਕੇ ਪੱਕਾ ਮੋਰਚਾ ਆਰੰਭ ਕਰਨਗੇ। ਉਨ੍ਹਾਂ ਕਿਹਾ ਕਿ ਹਰ ਸਾਲ ਉਨ੍ਹਾਂ ਨੂੰ ਸੁਸਰੀ ਤੋਂ ਪ੍ਰੇਸ਼ਾਨੀ ਹੁੰਦੀ ਹੈ ਜਿਸ ਦਾ ਪੱਕਾ ਹੱਲ ਗੋਦਾਮਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨਾ ਹੀ ਹੈ।