ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 15 ਜੁਲਾਈ
ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਵੱਲੋਂ ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ‘ਐੱਸਵਾਈਐੱਲ’ ਅਤੇ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉੱਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪਾਬੰਦੀ ਖ਼ਿਲਾਫ਼ ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੇ ਗੀਤ ‘ਐੱਸਵਾਈਐੱਲ’ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉੱਤੇ ਲਾਈ ਪਾਬੰਦੀ ਤੁਰੰਤ ਹਟਾਈ ਜਾਵੇ।
ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਦੇ ਗੀਤਾਂ ‘ਐੱਸਵਾਈਐੱਲ’ ਅਤੇ ‘ਰਿਹਾਈ’ ਨੂੰ ਯੂ-ਟਿਊਬ ’ਤੇ ਬੈਨ ਕਰ ਦਿੱਤਾ ਗਿਆ, ਜਿਸ ਕਾਰਨ ਪੰਜਾਬ ਵਾਸੀਆਂ ਅਤੇ ਨੌਜਵਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੀਤਾਂ ’ਤੇ ਪਾਬੰਦੀ ਗੈਰਕਾਨੂੰਨੀ ਹੈ ਅਤੇ ਸੰਵਿਧਾਨ ਵਿੱਚ ਦਰਜ ਬੋਲਣ ਤੇ ਵਿਚਾਰਾਂ ਦੇ ਪ੍ਰਗਟਾਵਾ ਦੀਆਂ ਭਾਵਨਾਵਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਦੇ ਗੀਤਾਂ ’ਤੇ ਲਗਾਈ ਪਾਬੰਦੀ ਹਟਾਈ ਜਾਵੇ। ਇਸ ਮੌਕੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡੀਸੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਗੀਤਾਂ ’ਤੇ ਲਗਾਈ ਪਾਬੰਦੀ ਗ਼ੈਰ ਕਾਨੂੰਨੀ ਹੈ ਉਨ੍ਹਾਂ ਆਸ ਪ੍ਰਗਟਾਈ ਕਿ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਇਸ ਗੈਰ ਕਾਨੂੰਨੀ ਪਾਬੰਦੀ ਨੂੰ ਤੁਰੰਤ ਹਟਵਾਉਣ ਲਈ ਉਪਰਾਲਾ ਕਰਨਗੇ।