‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਰੋਸ ਮਾਰਚ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 27 ਮਈ
‘ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਵਿੱਚ ਰੋਸ ਮਾਰਚ ਕੀਤਾ। ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਜਥੇਬੰਦੀ ਦੇ ਮੈਂਬਰ ਮਾਰਚ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਪਹੁੰਚੇ ਅਤੇ ਡੀਸੀ ਸ੍ਰੀਮਤੀ ਕੋਮਲ ਮਿੱਤਲ ਨੂੰ ਮੰਗ ਦਿੱਤਾ। ਉਨ੍ਹਾਂ ਨੇ ਸਿੱਖ ਆਗੂ ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਲਗਾਉਣ ਅਤੇ ਤੀਜੀ ਵਾਰ ਵਾਧਾ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਸਣੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਭਰ ’ਚ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ, ਵਰਕਰ ਅਤੇ ਸਿੱਖ ਨੌਜਵਾਨਾਂ ਸਣੇ ਇਨਸਾਫ਼ਪਸੰਦਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕੀਤਾ।
ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਆਪਣਾ ਨੁਮਾਇੰਦਾ ਚੁਣ ਕੇ ਸੰਸਦ ਵਿੱਚ ਭੇਜਿਆ ਸੀ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਕੇ ਰੱਖਿਆ ਹੋਇਆ ਹੈ ਅਤੇ ਨਾਜਾਇਜ਼ ਤਰੀਕੇ ਨਾਲ ਤੀਜੀ ਵਾਰ ਐਨਐਸਏ ਵਿੱਚ ਵਾਧਾ ਕੀਤਾ ਗਿਆ ਹੈ। ਅਵਤਾਰ ਸਿੰਘ ਨਗਲਾ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਅਤੇ ਅੰਮ੍ਰਿਤਪਾਲ ਸਿੰਘ ਨਾਲ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਸਮੁੱਚੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ।
ਇਸ ਮੌਕੇ ਐਡਵੋਕੇਟ ਕਾਬਲ ਸਿੰਘ ਭੁੱਲਰ, ਇਮਾਨ ਸਿੰਘ ਖਾਰਾ, ਭਾਈ ਦਮੇਂਦਰ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਵਕੀਲ ਹਰਜੋਤ ਸਿੰਘ, ਬਾਬਾ ਮੇਹਰ ਸਿੰਘ, ਭਾਈ ਦਵਿੰਦਰ ਸਿੰਘ ਖ਼ਾਲਸਾ, ਸਤਿੰਦਰ ਸਿੰਘ ਬਡਾਲਾ, ਰਮਨਜੀਤ ਸਿੰਘ ਲਿੱਧੜ, ਵਕੀਲ ਪ੍ਰਭ ਸਿੰਘ, ਲਵਪ੍ਰੀਤ ਸਰੀਨ ਵੀ ਹਾਜ਼ਰ ਸਨ।