ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਦਸੰਬਰ
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਧਰ, ਸਿੱਖਿਆ ਭਵਨ ਦੇ ਬਾਹਰ ਲੜੀਵਾਰ ਪੱਕਾ ਧਰਨਾ ਸੋਮਵਾਰ ਨੂੰ 28ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਇੱਥੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕੱਚੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰਦੇ ਹੋਏ ਵਿਜੀਲੈਂਸ ਭਵਨ ਤੱਕ ਪੈਦਲ ਮਾਰਚ ਕੀਤਾ।
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂਆਂ ਵਿਕਾਸ ਕੁਮਾਰ, ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਜਿਵੇਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਕੱਚੇ ਕਾਮਿਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਅਤੇ ਫੋਕੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਗਲੀ ਮੁਹੱਲਿਆਂ ਵਿੱਚ ਭੰਡੀ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਖੋਟ ਹੈ।