
ਮੁਹਾਲੀ ਵਿੱਚ ਸ਼ਨਿਚਰਵਾਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਮਾਰਚ ਕਰਦੇ ਹੋਏ ਕੌਮੀ ਇਨਸਾਫ ਮੋਰਚੇ ਦੇ ਕਾਰਕੁਨ। -ਫੋਟੋ: ਵਿੱਕੀ ਘਾਰੂ
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 18 ਮਾਰਚ
ਮੁੱਖ ਅੰਸ਼
- ਵੱਖ-ਵੱਖ ਥਾਈਂ ਸੜਕਾਂ ’ਤੇ ਲਾਇਆ ਜਾਮ
- ਸਥਿਤੀ ਤੋਂ ਨਜਿੱਠਣ ਲਈ ਭਾਰੀ ਪੁਲੀਸ ਫੋਰਸ ਰਹੀ ਤਾਇਨਾਤ
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਕੁੱਝ ਸਾਥੀਆਂ ਖ਼ਿਲਾਫ਼ ਕਾਰਵਾਈ ਦੀਆਂ ਪੋਸਟਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਅੱਜ ਕੁੱਝ ਨੌਜਵਾਨਾਂ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰ ਕੇ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਇਹ ਧਰਨਾ ਜਾਰੀ ਸੀ। ਇਸ ਰੋਸ ਮਾਰਚ ਵਿੱਚ ਸ਼ਾਮਲ ਵਿਅਕਤੀਆਂ ਨੇ ਆਪਣੇ ਹੱਥਾਂ ਵਿੱਚ ਡਾਂਗਾਂ, ਕਿਰਪਾਨਾਂ, ਗੰਡਾਸੇ ਅਤੇ ਤਲਵਾਰਾਂ ਫੜੀਆਂ ਹੋਈਆਂ ਹਨ। ਇਨ੍ਹਾਂ ’ਚੋਂ ਕਾਫ਼ੀ ਨੌਜਵਾਨਾਂ ਨੇ ਆਪਣੇ ਮੂੰਹ ’ਤੇ ਕੱਪੜਾ ਬੰਨ੍ਹਿਆ ਹੋਇਆ ਸੀ।
ਉੱਧਰ, ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਨਜਿੱਠਣ ਲਈ ਪੰਜਾਬ ਪੁਲੀਸ ਅਤੇ ਨੀਮ ਫ਼ੌਜੀ ਬਲਾਂ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਭਾਰੀ ਪੁਲੀਸ ਫੋਰਸ ਦੇ ਪਹੁੰਚਣ ਨਾਲ ਪ੍ਰਦਰਸ਼ਨਕਾਰੀਆਂ ਨੂੰ ਇੰਜ ਲੱਗਾ ਕਿ ਸ਼ਾਇਦ ਪੁਲੀਸ ਜ਼ਬਰਦਸਤੀ ਧਰਨਾ ਚੁਕਵਾ ਦੇਵੇਗੀ ਪਰ ਇਸ ਦੌਰਾਨ ਟਕਰਾਅ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਅਨੁਸਾਰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਅਚਾਨਕ ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਖ਼ਬਰ ਸੋਸ਼ਲ ਮੀਡੀਆ ’ਤੇ ਆਉਣ ਤੋਂ ਬਾਅਦ ਪੱਕੇ ਮੋਰਚੇ ਵਿੱਚ ਧਰਨੇ ’ਤੇ ਨੌਜਵਾਨਾਂ ਅਤੇ ਨਿਹੰਗ ਸਿੰਘਾਂ ਨੇ ਪੈਦਲ ਰੋਸ ਮਾਰਚ ਸ਼ੁਰੂ ਕਰ ਦਿੱਤਾ, ਜਿਸ ਕਾਰਨ ਪੁਲੀਸ ਤੇ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਇਸ ਮੌਕੇ ਸੀਨੀਅਰ ਪੁਲੀਸ ਅਧਿਕਾਰੀ ਅਤੇ ਖ਼ੁਫ਼ੀਆ ਵਿੰਗ ਦੇ ਅਧਿਕਾਰੀ ਵੀ ਮੌਕੇ ’ਤੇ ਤਾਇਨਾਤ ਰਹੇ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਨਿਹੰਗ ਸਿੰਘਾਂ ਵੱਲੋਂ ਕੀਰਤਪੁਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ਜਾਮ
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ): ਅੱਜ ਸ਼ਾਮ ਜਿਉਂ ਹੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਦੀ ਖਬਰ ਮੀਡੀਆ ’ਤੇ ਨਸ਼ਰ ਹੋਈ ਤਾਂ ਅੰਮ੍ਰਿਤਪਾਲ ਦੇ ਸਮਰਥਕ ਨਿਹੰਗ ਸਿੰਘਾਂ ਨੇ ਕੀਰਤਪੁਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਸਥਿਤ ਸਥਾਨਕ ਪਾਵਰ ਕਲੋਨੀ ਦੇ ਬਾਹਰ ਜਾਮ ਲਗਾ ਦਿੱਤਾ, ਜਿਸ ਕਾਰਨ ਮੁੱਖ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਬਾਣੇ ਵਿੱਚ ਆਏ ਇੱਕ ਦਰਜਨ ਦੇ ਕਰੀਬ ਜਵਾਨਾਂ ਵੱਲੋਂ ਅੰਮ੍ਰਿਤਪਾਲ ਦੇ ਸਮਰਥਕ ਨਿਹੰਗ ਸਿੰਘਾਂ ਨੇ ਕੀਰਤਪੁਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਬੈਰੀਕੇਡ ਅਤੇ ਹੋਰ ਸਮਾਨ ਰੱਖ ਕੇ ਚੱਕਾ ਜਾਮ ਕਰ ਦਿੱਤਾ, ਜਿਸ ਕਾਰਨ ਕੀਰਤਪੁਰ ਸਾਹਿਬ ਤੋਂ ਨੰਗਲ ਵਾਲੇ ਪਾਸੇ ਆਉਣ ਤੇ ਜਾਣ ਵਾਲੇ ਮੁੱਖ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮਾਹੌਲ ਕਾਬੂ ਤੋਂ ਬਾਹਰ ਹੁੰਦਾ ਦੇਖ ਕੇ ਸਥਾਨਕ ਡੀਐੱਸਪੀ ਅਜੈ ਸਿੰਘ, ਐੱਸਐੱਚਓ ਸਿਮਰਨਜੀਤ ਸਿੰਘ, ਸਿਟੀ ਇੰਚਾਰਜ ਗੁਰਮੁਖ ਸਿੰਘ ਪੁਲੀਸ ਜਵਾਨਾਂ ਸਣੇ ਮੌਕੇ ’ਤੇ ਪਹੁੰਚ ਗਏ। ਹਾਲਾਂਕਿ, ਡੀਐੱਸਪੀ ਨੇ ਨਿਹੰਗ ਸਿੰਘਾਂ ਨੂੰ ਜਾਮ ਖੋਲਣ ਲਈ ਕਿਹਾ ਪਰ ਨਿਹੰਗ ਸਿੰਘ ਮੰਨਣ ਨੂੰ ਤਿਆਰ ਨਹੀਂ ਸਨ। ਬਾਅਦ ਵਿੱਚ ਜਦੋਂ ਉਨ੍ਹਾਂ ਨੂੰ ਸਮਝਾਇਆ ਤਾਂ ਨਿਹੰਗ ਸਿੰਘ ਮੰਨ ਗਏ ਅਤੇ ਜਾਮ ਖੋਲ ਦਿੱਤਾ ਜਿਸ ਨਾਲ ਮੁੜ ਤੋਂ ਟਰੈਫਿਕ ਸੁਚਾਰੂ ਹੋ ਗਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ