ਪੱਤਰ ਪ੍ਰੇਰਕ
ਬਨੂੜ, 6 ਅਕਤੂਬਰ
ਸੀਪੀਐੱਮ ਵੱਲੋਂ ਚੀਨੀ ਵਾਇਰਸ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਤੇ ਹੋਰ ਫ਼ਸਲਾਂ ਦੇ ਮੁਆਵਜ਼ੇ, ਲੰਪੀ ਸਕਿਨ ਨਾਲ ਮਰੇ ਪਸ਼ੂਆਂ ਦੇ ਮਾਲਕਾਂ ਨੂੰ ਆਰਥਿਕ ਸਹਾਇਤਾ ਦੀ ਮੰਗ ਅਤੇ ਮਹਿੰਗਾਈ ਖ਼ਿਲਾਫ਼ ਬਨੂੜ ਵਿੱਚ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਗੁੱਗਾ ਮਾੜੀ ਗਰਾਊਂਡ ਤੋਂ ਆਰੰਭ ਹੋ ਕੇ ਬਾਜ਼ਾਰਾਂ ਤੇ ਕੌਮੀ ਮਾਰਗ ਤੋਂ ਹੁੰਦਾ ਹੋਇਆ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿੱਚ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਕਾਰਕੁਨ ਅਤੇ ਸ਼ਹਿਰ ਵਾਸੀ ਸ਼ਾਮਲ ਹੋਏ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਅਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਸੀਪੀਐੱਮ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਧਰਮਪਾਲ ਸਿੰਘ ਸੀਲ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਸਤਪਾਲ ਸਿੰਘ ਰਾਜੋਮਾਜਰਾ ਨੇ ਆਖਿਆ ਕਿ ਮਧਰੇ ਝੋਨੇ ਅਤੇ ਬੇਮੌਸਮੀ ਬਰਸਾਤਾਂ ਨਾਲ ਕਿਸਾਨਾਂ ਦੇ ਝੋਨੇ ਅਤੇ ਸਬਜ਼ੀਆਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਗਿਰਦਾਵਰੀ ਆਰੰਭ ਨਾ ਹੋਈ ਤੇ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਿਸਾਨ ਧਰਨਾ ਲਾਉਣ ਤੋਂ ਗੁਰੇਜ ਨਹੀਂ ਕਰਨਗੇ।