protest: ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਦਾ ਐਲਾਨ
ਨੌਕਰੀਉਂ ਕੱਢਣ ਦੀ ਨਿਖੇਧੀ; 3 ਜੂਨ ਨੂੰ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ; ਸੁਨਾਮ ਸੂਬਾ ਪੱਧਰੀ ਰੈਲੀ 6 ਨੂੰ
ਲੰਘੀ 26 ਮਈ ਤੋਂ ਹੜਤਾਲ ਉੱਤੇ ਚੱਲ ਰਹੇ ਪੰਜਾਬ ਭਰ ਦੇ ਸੇਵਾ ਕੇਂਦਰਾਂ ’ਚ ਕੰਮ ਕਰਦੇ 1850 ਕਰਮਚਾਰੀਆਂ ਨੇ ਆਪਣੀ ਨੌਕਰੀ ਨੂੰ ਪੱਕੀ ਕਰਾਉਣ ਅਤੇ ਤਨਖ਼ਾਹਾਂ ਵਧਾਉਣ ਲਈ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਲਿਆ ਹੈ। ਅੱਜ ਸੇਵਾ ਕੇਂਦਰ ਮੁਲਾਜ਼ਮ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਮੁਹਾਲੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਇਕੱਤਰਤਾ ਵਿਚ ਮੁਲਾਜ਼ਮਾਂ ਨੂੰ ਆਊਟਸੋਰਸ ਕੰਪਨੀ ਵੱਲੋਂ ਨੌਕਰੀਆਂ ਤੋਂ ਹਟਾਉਣ ਲਈ ਜਾਰੀ ਕੀਤੇ ਜਾ ਰਹੇ ਨੋਟਿਸਾਂ ਦੀ ਨਿਖੇਧੀ ਕਰਦਿਆਂ ਨਵੇਂ ਨੌਜਵਾਨਾਂ ਦੀ ਭਰਤੀ ਲਈ 3 ਜੂਨ ਨੂੰ ਪੰਜਾਬ ਭਰ ਵਿਚ ਲਾਏ ਜਾਣ ਵਾਲੇ ਰੁਜ਼ਗਾਰ ਮੇਲਿਆਂ ਦੇ ਬਾਈਕਾਟ ਅਤੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ 6 ਜੂਨ ਨੂੰ ਸੁਨਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸਾਹਮਣੇ ਸੂਬਾਈ ਰੈਲੀ ਕਰਨ ਦਾ ਵੀ ਐਲਾਨ ਕੀਤਾ ਗਿਆ।
ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਂਝਾ, ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ, ਉੱਪ ਪ੍ਰਧਾਨ ਮੋਹਿਨੀ ਸ਼ਰਮਾ ਨੇ ਦੱਸਿਆ ਕਿ 1850 ਕਰਮਚਾਰੀ ਸੇਵਾ ਕੇਂਦਰਾਂ ਵਿਚ ਪਿਛਲੇ 10 ਸਾਲਾਂ ਤੋਂ ਲਗਾਤਾਰ, ਪੂਰੀ ਇਮਾਨਦਾਰੀ ਅਤੇ ਲਗਨ ਨਾਲ ਜਨਤਾ ਨੂੰ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਆਊਟਸੋਰਸ ਰਾਹੀਂ ਰੱਖਿਆ ਗਿਆ ਹੈ ਅਤੇ ਨਿੱਜੀ ਠੇਕੇਦਾਰ ਕਰਮਚਾਰੀਆਂ ਨਾਲ ਸਿੱਧੀ ਧੱਕੇਸ਼ਾਹੀ ਕਰ ਰਹੇ ਹਨ। ਮੁਲਾਜ਼ਮਾਂ ਨੂੰ ਪੂਰਾ ਡੀ ਸੀ ਰੇਟ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੱਟੇ ਜਾ ਰਹੇ ਈ ਐਸ ਆਈ ਦਾ ਵੀ ਕੋਈ ਲਾਭ ਨਹੀਂ ਮਿਲ ਰਿਹਾ। ਮਹਿਜ਼ 10 ਤੋਂ 12 ਹਜ਼ਾਰ ਰੁਪਏ ਮਹੀਨਾ ਦੀ ਨਾਮਾਤਰ ਤਨਖਾਹ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਥਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕੀਤਾ ਜਾ ਰਿਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਵਿਨੋਦ ਚੁੱਘ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਜਸਪਾਲ ਸਿੰਘ ਦੱਪਰ ਨੇ ਸਰਕਾਰ ਦੇ ਇਸ ਵਤੀਰੇ ਦੀ ਤਿੱਖੀ ਨਿਖੇਧੀ ਕਰਦਿਆਂ ਮੁਲਾਜ਼ਮਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਲਈ 40 ਹਜ਼ਾਰ ਮਹੀਨਾ ਤਨਖ਼ਾਹ ਦੀ ਮੰਗ ਕੀਤੀ।

