ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 22 ਅਕਤੂਬਰ
ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਵੱਲੋਂ ਅੱਜ ਇੱਥੇ ਸੈਕਟਰ-79 ਸਥਿਤ ਡੀਐੱਸਪੀ (ਸਿਟੀ-2) ਦੇ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਦੀ ਅਗਵਾਈ ਫ਼ਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕੀਤੀ। ਉਨ੍ਹਾਂ ਵੱਖ-ਵੱਖ ਅੱਠ ਕੇਸਾਂ ਦਾ ਵੇਰਵਾ ਦਿੰਦੇ ਹੋਏ ਦੋਸ਼ ਲਾਇਆ ਕਿ ਅਨੁਸੂਚਿਤ ਅਤੇ ਅਨੁਸੂਚਿਤ ਜਨਜਾਤੀ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਹਨ। ਹਾਲਾਂਕਿ, ਇਸ ਸਬੰਧੀ ਪੀੜਤ ਪਰਿਵਾਰਾਂ ਵੱਲੋਂ ਪਹਿਲਾਂ ਵੀ ਕਈ ਵਾਰ ਧਰਨੇ ਦਿੱਤੇ ਜਾ ਚੁੱਕੇ ਹਨ ਅਤੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਤਫ਼ਤੀਸ਼ੀ ਅਫ਼ਸਰ ਜਾਂਚ ਪ੍ਰਕਿਰਿਆ ਨੂੰ ਕਿਸੇ ਕੰਢੇ ਲਗਾਉਣ ਦੀ ਬਜਾਏ ਉਲਟਾ ਪੀੜਤ ਲੋਕਾਂ ਨੂੰ ਥਾਣਿਆਂ ਵਿੱਚ ਬਿਠਾ ਕੇ ਜ਼ਲੀਲ ਕੀਤਾ ਜਾਂਦਾ ਹੈ।
ਸ੍ਰੀ ਕੁੰਭੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਨਿੱਜੀ ਦਖ਼ਲ ਦੇ ਕੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰ ਕੇ ਜਾਂਚ ਲਮਕਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪੀੜਤ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਸਰਕਾਰ ਅਤੇ ਪੁਲੀਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਬੁਲਾਰੇ ਜਗਤਾਰ ਸਿੰਘ ਘੜੂੰਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਗਰੀਬ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ।
ਉਧਰ, ਜਦੋਂ ਡੀਐੱਸਪੀ ਨੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਾਂ ਲਿਖਿਆ ਮੰਗ ਪੱਤਰ ਨਾ ਫੜਿਆ ਤਾਂ ਗੁੱਸੇ ਵਿੱਚ ਆਏ ਲੋਕਾਂ ਨੇ ਮੰਗ ਪੱਤਰ ਸਾੜ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਅਵਤਾਰ ਸਿੰਘ ਮੱਕੜਿਆਂ, ਪਾਲਾ ਰਾਮ ਸੁਰਲਕਲਾਂ, ਲਖਮੀਰ ਸਿੰਘ ਬਡਾਲਾ ਤੇ ਓਮ ਪ੍ਰਕਾਸ਼ ਮੱਕੜਿਆਂ ਆਦਿ ਆਗੂ ਵੀ ਹਾਜ਼ਰ ਸਨ।