ਕੁਲਦੀਪ ਸਿੰਘ
ਚੰਡੀਗੜ੍ਹ, 22 ਅਕਤੂਬਰ
ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮਸੀ ਇੰਪਲਾਈਜ਼ ਐਂਡ ਵਰਕਰਜ਼ ਯੂਨੀਅਨ, ਚੰਡੀਗੜ੍ਹ, ਨੇ ਅੱਜ ਸੈਕਟਰ-16 ਜਨਰਲ ਹਸਪਤਾਲ ਦੇ ਅੱਗੇ ਕਾਲੇ ਚੋਗੇ ਪਹਿਨ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸਤਿੰਦਰ ਸਿੰਘ ਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂ.ਟੀ. ਪ੍ਰਸ਼ਾਸਨ ਤੇ ਐੱਮ.ਸੀ. ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜੈੱਮ ਪੋਰਟਲ ਦੇ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਦੀ ਥਾਂ ਆਊਟਸੋਰਸ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ ਜਦਕਿ ਮੁਲਾਜ਼ਮਾਂ ਨਾਲ ਕੰਪਨੀ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵੱਲ ਪ੍ਰਸ਼ਾਸਨ ਕਥਿਤ ਤੌਰ ’ਤੇ ਧਿਆਨ ਨਹੀਂ ਦੇ ਰਿਹਾ।
ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਅਤੇ ਐੱਮ.ਸੀ. ਵਿੱਚ ਕੰਮ ਕਰ ਰਹੇ ਹਜ਼ਾਰਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਠੇਕੇਦਾਰ ਕਥਿਤ ਤੌਰ ’ਤੇ ਕਟੌਤੀਆਂ ਕਰ ਰਹੇ ਹਨ। ਨੌਕਰੀ ਵਿੱਚ ਰਹਿਣ ਲਈ ਠੇਕੇਦਾਰਾਂ ਵੱਲੋਂ 15 ਤੋਂ 20 ਹਜ਼ਾਰ ਰੁਪਏ ਦੇਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਊਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਰਕਰਾਂ ਦੇ ਡੀਸੀ ਰੇਟਾਂ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ, ‘ਬਰਾਬਰ ਕੰਮ-ਬਰਾਬਰ ਤਨਖਾਹ’ ਦਾ ਫਾਰਮੂਲਾ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ। ਊਨ੍ਹਾਂ ਦੋਸ਼ ਲਗਾਇਆ ਕਿ ਜੀਪੀਐੰਸ ਘੜੀਆਂ ਰਾਹੀਂ ਮੁਲਾਜ਼ਮਾਂ ਨੂੰ ਜ਼ਲੀਲ ਕਰਕੇ ਤਨਖਾਹਾਂ ਕੱਟੀਆਂ ਜਾ ਰਹੀਆਂ ਹਨ ਜਦਕਿ ਇਸ ਸਿਸਟਮ ਵਿੱਚ ਅਨੇਕਾਂ ਖਾਮੀਆਂ ਹਨ। ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਨੂੰ ਭਰਿਆ ਨਹੀਂ ਜਾ ਰਿਹਾ। ਡੇਲੀਵੇਜ, ਵਰਕਚਾਰਜ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਾਲਿਸੀ ਬਣਾਉਣ ਉੱਤੇ ਕਥਿਤ ਟਾਲ-ਮਟੋਲ ਕੀਤੀ ਜਾ ਰਹੀ ਹੈ। ਊਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਠੇਕੇਦਾਰਾਂ ਖ਼ਿਲਾਫ਼ ਵਿਜੀਲੈਂਸ ਜਾਂਚ ਨੂੰ ਵੀ ਰੋਕ ਦਿੱਤਾ ਗਿਆ ਹੈ ਜਿਸ ਕਰਕੇ ਮੁਲਾਜ਼ਮਾਂ ਨੂੰ ਸੜਕਾਂ ’ਤੇ ਆਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਗੁਰਮੇਲ ਸਿੰਘ ਦਾਰਾ, ਦਵਿੰਦਰ ਸਿੰਘ, ਸੀਤਲ ਸਿੰਘ ਸੈਣੀ, ਰਘੁਬੀਰ ਸਿੰਘ, ਕਿਸ਼ੋਰੀ ਲਾਲ, ਹਰੀ ਮੋਹਨ, ਰਾਹੁਲ ਵੈਦ, ਕਮਲ ਕਲਿਆਣ ਤੇ ਮਾਮਰਾਜ ਸਮੇਤ ਕਈ ਆਗੂ ਹਾਜ਼ਰ ਸਨ।
ਕੋਆਰਡੀਨੇਸ਼ਨ ਕਮੇਟੀ ਨਾਲ ਮੀਟਿੰਗ ਕਰਵਾਊਣ ਦੀ ਮੰਗ
ਕੰਟਰੈਕਟ ਏਕਤਾ ਇੰਪਲਾਈਜ਼ ਯੂਨੀਅਨ (ਜਨਰਲ ਹਸਪਤਾਲ-16) ਤੋਂ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਯੂ.ਟੀ. ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕੋਆਰਡੀਨੇਸ਼ਨ ਕਮੇਟੀ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਨਾ ਕਰਵਾਈ ਗਈ ਤਾਂ ਨਵੰਬਰ ਮਹੀਨੇ ਤੋਂ ਪੁਤਲਾ ਫੂਕ ਮੁਜ਼ਾਹਰਿਆਂ ਰਾਹੀਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।