ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਸਤੰਬਰ
ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਅਤੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਮੁਜ਼ਾਹਰਾ ਕੀਤਾ।
ਇਸ ਤੋਂ ਪਹਿਲਾਂ ਅਕਾਲੀ ਆਗੂ ਅਤੇ ਵਰਕਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਏ ਅਤੇ ਅਰਦਾਸ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ। ਬੁਲਾਰਿਆਂ ਨੇ ਮੰਗ ਕੀਤੀ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਅਕਾਲੀ ਦਲ (ਯੂਥ ਵਿੰਗ) ਦੇ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਨੰਬਰਦਾਰ ਹਰਵਿੰਦਰ ਸਿੰਘ, ਲਖਵੀਰ ਸਿੰਘ ਮੀਤ ਸਕੱਤਰ ਉਪ ਦਫ਼ਤਰ ਚੰਡੀਗੜ੍ਹ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਚੰਡੀਗੜ੍ਹ ਤੇ ਜਗਦੀਪ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਜ਼ੀਰਕਪੁਰ ਨੇ ਵੀ ਸੰਬੋਧਨ ਕੀਤਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ, ਮੁਲਾਜ਼ਮਾਂ ਅਤੇ ਅਕਾਲੀ ਵਰਕਰਾਂ ਨੇ ਕਾਲੀਆਂ ਦਸਤਾਰਾਂ ਸਜਾ ਕੇ ਆਪਣੇ-ਆਪ ਨੂੰ ਸੰਗਲਾਂ ਵਿੱਚ ਜਕੜ ਕੇ ਸ਼ਾਂਤਮਈ ਢੰਗ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਰੋਸ ਧਰਨੇ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤਣ ਬਾਅਦ ਵੀ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰਵਾਈ ਜਾਵੇ। ਬਾਅਦ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਵੀ ਦਿੱਤਾ ਗਿਆ।