ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਮਈ
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ ’ਤੇ ਸਮੂਹ ਸਫ਼ਾਈ ਕਾਮਿਆਂ, ਗਾਰਬੇਜ ਕੁਲੈਕਟਰਾਂ ਅਤੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੇ ਚਾਲਕਾਂ ਸਮੇਤ ਸਮੁੱਚੇ ਸਫ਼ਾਈ ਕਰਮਚਾਰੀ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਅਣਮਿਥੇ ਸਮੇਂ ਲਈ ਲੜੀਵਾਰ ਹੜਤਾਲ ’ਤੇ ਚਲੇ ਗਏ ਹਨ। ਇਸ ਸਬੰਧੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਮੂਹ ਸਫ਼ਾਈ ਕਰਮਚਾਰੀਆਂ ਨੇ ਅੱਜ ਸੈਕਟਰ-68 ਸਥਿਤ ਨਗਰ ਨਿਗਮ ਭਵਨ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ, ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਹ ਹੜਤਾਲ ’ਤੇ ਜਾਣ ਵਾਲੇ ਸਨ ਪਰ ਐਨ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਜਥੇਬੰਦੀ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੁੱਧਵਾਰ ਤੱਕ ਮੰਗਾਂ ਮੰਨਵਾਉਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਕੋਈ ਹਾਂ-ਪੱਖੀ ਸੁਨੇਹਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਹੜਤਾਲ ’ਤੇ ਜਾਣਾ ਪਿਆ ਹੈ।
ਚਮਕੌਰ ਸਾਹਿਬ (ਸੰਜੀਵ ਬੱਬੀ): ਨਗਰ ਪੰਚਾਇਤ ਚਮਕੌਰ ਸਾਹਿਬ ਦੇ ਸਮੂਹ ਸਫਾਈ ਕਾਮਿਆਂ ਵੱਲੋਂ ਅਣਮਿਥੇ ਸਮੇਂ ਦੀ ਚੱਲ ਰਹੀ ਹੜਤਾਲ ਦਾ ਅੱਜ 16ਵਾਂ ਦਿਨ ਅਤੇ ਮੰਗਾਂ ਨਾ ਮੰਨਣ ਕਾਰਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਸ਼ਹਿਰ ਦੇ ਵਾਰਡਾਂ ਵਿੱਚ ਉਦੋਂ ਤੱਕ ਸਫਾਈ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਨਹੀਂ ਖੁੱਲ੍ਹਵਾਈ ਜਾਵੇਗੀ।
ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਸਫਾਈ ਸੇਵਕ ਯੂਨੀਅਨ ਅਤੇ ਸੀਵਰਮੈਨ ਯੂਨੀਅਨ ਪੰਜਾਬ ਦੇ ਅਣਮਿੱਥੇ ਸਮੇਂ ਲਈ ਆਪਣੀਆਂ ਬਣਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਰਹਿੰਦ ਵਿੱਚ ਚੱਲ ਰਹੇ ਧਰਨੇ ਵਿੱਚ ਅੱਜ ਕਿਸਾਨ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਸ਼ਾਮਲ ਹੁੰਦਿਆਂ ਸਫਾਈ ਸੇਵਕਾ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ।
ਲੋਕਾਂ ਵੱਲੋਂ ਹੜਤਾਲ ਵਾਪਸ ਲੈਣ ਦੀ ਅਪੀਲ
ਖਰੜ (ਸ਼ਸ਼ੀ ਪਾਲ ਜੈਨ): ਖਰੜ ਦੇ ਪ੍ਰਮੁੱਖ ਸ਼ਹਿਰੀ ਹਰਜੀਤ ਪੰਨੂ ਨੇ ਆਪਣੇ ਸਾਥੀਆਂ ਸਮੇਤ ਇੱਕ ਵੀਡਿਓ ਵਾਇਰਲ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਫੈਲੀ ਗੰਦਗੀ ਨੂੰ ਦੇਖਦੇ ਹੋਏ ਲੋਕਾਂ ਦੇ ਹਿੱਤ ਵਿੱਚ ਆਪਣੀ ਹੜਤਾਲ ਵਾਪਸ ਲੈਣ ਜੋ ਅੱਜ 16ਵੇਂ ਦਿਨ ਵਿੱਚ ਦਾਖਲ ਹੋ ਚੁਕੀ ਹੈ। ਉਨ੍ਹਾਂ ਕਿਹਾ ਕਿ ਜੇ ਦੋ ਦਿਨਾਂ ਅੰਦਰ ਸਫ਼ਾਈ ਕਰਮਚਾਰੀਆਂ ਨੇ ਉਨ੍ਹਾਂ ਦੀ ਅਪੀਲ ਨਾ ਮੰਨੀ ਤਾਂ ਉਹ ਸ਼ਹਿਰ ਦੇ ਲੋਕਾਂ ਨੂੰ ਨਾਲ ਲੈ ਕੇ ਇੱਕ ਟੀਮ ਬਣਾ ਕੇ ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਆਪਣੇ ਪੱਧਰ ’ਤੇ ਕਰਨਗੇ।