ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 31 ਮਈ
ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਿਰਨਦੀਪ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਬਾਰੇ ਸ਼ਰਤਾਂ ਨੂੰ ਤੁਰੰਤ ਹਟਾ ਕੇ ਨੋਟੀਫਿਕੇਸ਼ਨ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸੂਬਾ ਪ੍ਰਧਾਨ ਪੰਜੋਲਾ ਨੇ ਕਿਹਾ ਕਿ ਡਬਲਯੂਐਚਓ ਅਤੇ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦੀਆਂ ਕਰੋਨਾ ਕਾਲ ਦੌਰਾਨ ਫਰੰਟ ਲਾਈਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਗਲੋਬਲ ਲੀਡਰ ਐਵਾਰਡ ਨਾਲ ਸਨਮਾਨਿਆ ਗਿਆ ਸੀ। ਪਰ ਉਨ੍ਹਾਂ ਬਾਰੇ ਮਿਸ਼ਨ ਡਾਇਰੈਕਟਰ ਵੱਲੋਂ ਸ਼ਰਤਾਂ ਲਾ ਕੇ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।
ਬੁਲਾਰਿਆਂ ਨੇ ਕਿਹਾ ਕਿ ਜੇ ਸ਼ਰਤਾਂ ਹਟਾ ਕੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ 3 ਤੋਂ 10 ਜੂਨ ਤੱਕ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਮੁੱਢਲੇ ਸਿਹਤ ਕੇਂਦਰਾਂ ਅੱਗੇ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਸੰਗਰੂਰ ਹਲਕੇ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ।