PSPCL Employees Strike: ਪਾਵਰਕੌਮ ਮੁਲਾਜ਼ਮ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਗਏ
ਪੀ ਐੱਸ ਈ ਬੀ ਐਂਪਲਾਈਜ਼ ਸਾਂਝੀ ਤਾਲਮੇਲ ਕਮੇਟੀ, ਸਰਕਲ ਮੁਹਾਲੀ ਦੇ ਸੱਦੇ ’ਤੇ ਪੀ ਐੱਸ ਈ ਬੀ ਐਂਪਲਾਈਜ਼ ਫੈੱਡਰੇਸ਼ਨ (ਏਟਕ), ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ, ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰਜ਼, ਪੈਨਸ਼ਨਰ ਯੂਨੀਅਨ (ਏਟਕ) ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ...
ਪੀ ਐੱਸ ਈ ਬੀ ਐਂਪਲਾਈਜ਼ ਸਾਂਝੀ ਤਾਲਮੇਲ ਕਮੇਟੀ, ਸਰਕਲ ਮੁਹਾਲੀ ਦੇ ਸੱਦੇ ’ਤੇ ਪੀ ਐੱਸ ਈ ਬੀ ਐਂਪਲਾਈਜ਼ ਫੈੱਡਰੇਸ਼ਨ (ਏਟਕ), ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ, ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰਜ਼, ਪੈਨਸ਼ਨਰ ਯੂਨੀਅਨ (ਏਟਕ) ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਦੋ ਦਿਨਾਂ ਦੀ ਛੁੱਟੀ ਲੈ ਕੇ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਾਵਰਕੌਮ ਪ੍ਰਬੰਧਨ ਵੱਲੋਂ ਪਹਿਲਾਂ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਵਿਭਾਗ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਵੀ ਨਹੀਂ ਭਰੀਆਂ ਜਾ ਰਹੀਆਂ।
ਰੈਲੀ ਨੂੰ ਸੁਰਿੰਦਰਪਾਲ ਸਿੰਘ ਲਹੌਰੀਆ, ਮੋਹਨ ਸਿੰਘ ਗਿੱਲ, ਹਰਪ੍ਰੀਤ ਸਿੰਘ, ਲੱਖਾ ਸਿੰਘ, ਗੁਰਬਖਸ਼ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ, ਬ੍ਰਿਜਮੋਹਨ ਸ਼ਰਮਾ, ਬਲਵਿੰਦਰ ਕੁਮਾਰ, ਜਤਿੰਦਰ ਸਿੰਘ, ਜਸਪਾਲ ਸਿੰਘ, ਬਲਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਆ ਛੱਡ ਕੇ ਤੁਰੰਤ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ।
ਲਾਲੜੂ (ਸਰਬਜੀਤ ਸਿੰਘ ਭੱਟੀ): ਪੀ ਐੱਸ ਪੀ ਸੀ ਐੱਲ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜਾਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਦੋ ਦਿਨਾਂ ਦੀ ਛੁੱਟੀ ਲੈ ਕੇ ਮੰਡਲ ਦਫ਼ਤਰ ਲਾਲੜੂ ਵਿੱਚ ਰੈਲੀ ਕੀਤੀ। ਰੈਲੀ ਦੌਰਾਨ ਮੁਲਾਜ਼ਮਾਂ ਨੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਏ ਆਈ ਟੀ ਯੂ ਸੀ ਦੇ ਪ੍ਰਧਾਨ ਮੋਹਨ ਰਾਣਾ, ਟੀ ਐੱਸ ਯੂ ਦੇ ਪ੍ਰਧਾਨ ਰਾਜੇਸ਼ ਰਾਣਾ, ਮਹਿੰਦਰ ਸਿੰਘ ਸੈਣੀ, ਸਵਰਨ ਸਿੰਘ ਮਾਵੀ, ਪਰਵੀਨ ਸ਼ਰਮਾ, ਲਵਦੀਪ ਮੈਨਨ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰੇਮਜੀਤ ਕੁਮਾਰ ਰਾਮ ਨੇ ਸੰਬੋਧਨ ਕੀਤਾ।
ਰੂਪਨਗਰ (ਜਗਮੋਹਨ ਸਿੰਘ): ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪੀ ਐੱਸ ਈ ਬੀ ਐਂਪਲਾਈਜ਼ ਫੈੱਡਰੇਸ਼ਨ ਏਟਕ ਸਰਕਲ ਰੂਪਨਗਰ ਵੱਲੋਂ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਐਡਹਾਕ ਕਮੇਟੀ ਦੇ ਕਨਵੀਨਰ ਗੁਰਵਿੰਦਰ ਸਿੰਘ ਹਜ਼ਾਰਾ, ਨਰਿੰਦਰ ਸੈਣੀ, ਹਰਜਿੰਦਰ ਸਿੰਘ ਅਕਬਰਪੁਰ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਪਲਵਿੰਦਰ ਸਿੰਘ, ਰਵਿੰਦਰ ਦਾਸ, ਸੰਤੋਸ਼ ਤਿਵਾੜੀ, ਕਰਮ ਸਿੰਘ ਆਦਿ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨ ਨਹੀਂ ਰਹੀ।
ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ
ਸ੍ਰੀ ਆਨੰਦਪੁਰ ਸਾਹਿਬ: (ਬੀ ਐੱਸ ਚਾਨਾ) ਪਾਵਰਕੌਮ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਸਮੂਹ ਬਿਜਲੀ ਕਾਮੇ ਅੱਜ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਚਲੇ ਗਏ। ਪਾਵਰਕੌਮ ਦੇ ਸਬ-ਡਿਵੀਜ਼ਨ ਦਫ਼ਤਰ ਸ੍ਰੀ ਆਨੰਦਪੁਰ ਸਾਹਿਬ ਦੇ ਬਾਹਰ ਰੋਸ ਰੈਲੀ ਕਰ ਕੇ ਮੁਲਾਜ਼ਮਾਂ ਨੇ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਟਾਫ਼ ਦੀ ਭਾਰੀ ਘਾਟ ਦੇ ਬਾਵਜੂਦ ਮੁਲਾਜ਼ਮਾਂ ’ਤੇ ਵਾਧੂ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ। ਸ਼ਿਕਾਇਤਾਂ ਨੂੰ ਇੱਕ ਘੰਟੇ ਅੰਦਰ ਹੱਲ ਕਰਨ ਵਰਗੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਰੈਲੀ ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਸਕੱਤਰ ਤਰਸੇਮ ਲਾਲ, ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ (ਏਟਕ) ਦੇ ਸਰਪ੍ਰਸਤ ਦੇਸ ਰਾਜ ਘਈ, ਸਰਬਜੀਤ ਸਿੰਘ ਬੇਲਾ, ਜਰਨੈਲ ਸਿੰਘ, ਸੰਜੀਵ ਕੁਮਾਰ, ਹਰਭਜਨ ਸਿੰਘ ਅਤੇ ਬਲਵੀਰ ਸਿੰਘ ਕੋਟਲਾ ਨੇ ਸੰਬੋਧਨ ਕੀਤਾ।

