ਕੁਲਦੀਪ ਸਿੰਘ
ਚੰਡੀਗੜ੍ਹ, 4 ਜਨਵਰੀ
ਪੰਜਾਬ ਯੂਨੀਵਰਸਿਟੀ ਨਾਨ-ਟੀਚਿੰਗ ਐਂਪਲਾਈਜ਼ ਫੈਡਰੇਸ਼ਨ ਦੇ ਬੈਨਰ ਹੇਠ ਅੱਜ ਵੀ ਵੱਡੀ ਗਿਣਤੀ ਮੁਲਾਜ਼ਮਾਂ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਪੀ.ਯੂ. ਅਥਾਰਿਟੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਰੱਖੀ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਆਗੂਆਂ ਵਿੱਚ ਹਨੀ ਠਾਕੁਰ, ਰਾਮਾਨੰਦ, ਮਨਜੀਤ ਸਿੰਘ, ਬਲਜਿੰਦਰ ਸਿੰਘ, ਵਰਿੰਦਰ ਸਿੰਘ, ਮਾਣਕ ਕਪੂਰ ਅਤੇ ਅਨੀਤਾ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਪੀਯੂ ਅਥਾਰਿਟੀ ਮੁਲਾਜ਼ਮ ਵਿਰੋਧੀ ਫ਼ੈਸਲੇ ਲੈਣੇ ਬੰਦ ਨਹੀਂ ਕਰ ਰਹੀ ਜਿਸ ਕਰਕੇ ਮੁਲਾਜ਼ਮ ਵਰਗ ਵਿੱਚ ਅਥਾਰਿਟੀ ਖਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਅਥਾਰਿਟੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵੀਰਵਾਰ ਨੂੰ ਪੀ.ਯੂ. ਦਾ ਗੇਟ ਨੰਬਰ 2 ਅਤੇ ਸ਼ੁੱਕਰਵਾਰ ਨੂੰ ਗੇਟ ਨੰਬਰ 3 ਬੰਦ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ ਜਾਵੇਗਾ ਤਾਂ ਜੋ ਯੂਨੀਵਰਸਿਟੀ ਦੇ ਅੰਦਰ ਆਉਣ ਵਾਲੀ ਅਤੇ ਬਾਹਰੋਂ ਗੁਜ਼ਰਨ ਵਾਲੀ ਜਨਤਾ ਨੂੰ ਅਥਾਰਿਟੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਤਾ ਲੱਗ ਸਕੇ। ਜਦੋਂ ਤੱਕ ਫੈਡਰੇਸ਼ਨ ਦੀਆਂ ਮੰਗਾਂ ਉਤੇ ਅਮਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।