ਪੱਤਰ ਪ੍ਰੇਰਕ
ਚੰਡੀਗੜ੍ਹ, 20 ਜੂਨ
ਪੰਜਾਬ ਯੂਨੀਵਰਸਿਟੀ ਵਿੱਚ ਬੀਤੇ ਦਿਨੀਂ ਆਪਣੀਆਂ ਮੰਗਾਂ ਮਨਵਾਉਣ ਲਈ ਉਪ-ਕੁਲਪਤੀ ਦੇ ਦਫ਼ਤਰ ਅੱਗੇ ਅਤੇ ਫਿਰ ਰਿਹਾਇਸ਼ ਅੱਗੇ ਲੋਕਤੰਤਰੀ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਰਿਸਰਚ ਸਕਾਲਰਾਂ ਅਤੇ ਵਿਦਿਆਰਥੀਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕਰਨ ਅਤੇ ਉਨ੍ਹਾਂ ਕਈ ਘੰਟੇ ਤੱਕ ਪੁਲੀਸ ਥਾਣੇ ਬਿਠਾ ਕੇ ਰੱਖਣ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ।
ਇਸ ਵਿਰੋਧ ਕਾਰਨ ਕਿਸਾਨ ਤੇ ਮਜ਼ਦੂਰ ਯੂਨੀਅਨਾਂ ਸਮੇਤ ਵਕੀਲ, ਲੇਖਕ ਐਸੋਸੀਏਸ਼ਨ, ਕਲਾਕਾਰਾਂ ਸਮੇਤ ਹੋਰ ਕਈ ਜਥੇਬੰਦੀਆਂ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰਨ ਦਾ ਫ਼ੈਸਲਾ ਕੀਤਾ ਗਿਆ ਹੈ ਜੋ 22 ਜੂਨ ਨੂੰ ਸਵੇਰੇ 11 ਵਜੇ ਪੀ.ਯੂ. ਕੈਂਪਸ ਵਿੱਚ ਉਪ-ਕੁਲਪਤੀ ਦਫ਼ਤਰ ਦੇ ਅੱਗੇ ਰਿਸਰਚ ਸਕਾਲਰਾਂ ਤੇ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਹ ਫ਼ੈਸਲਾ ਅੱਜ ਇੱਥੇ ਵਿਦਿਆਰਥੀ ਜਥੇਬੰਦੀਆਂ ਐਸ.ਐਫ.ਐਸ., ਸੋਪੂ, ਐਨ.ਐਸ.ਯੂ.ਆਈ. ਅਤੇ ਪੰਜਾਬ ਯੂਨੀਵਰਸਿਟੀ ਰਿਸਰਚ ਸਕਾਲਰ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਅਮਰਜੀਤ ਸਿੰਘ ਨੌਰਾ ਅਤੇ ਵਾਈਸ ਪ੍ਰਧਾਨ ਪ੍ਰੋ. ਸੁਪਿੰਦਰ ਕੌਰ ਨੇ 18 ਜੂਨ ਨੂੰ ਆਪਣੀਆਂ ਮੰਗਾਂ ਲਈ ਉਪ-ਕੁਲਪਤੀ ਦੀ ਰਿਹਾਇਸ਼ ਅੱਗੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਯੂ ਅਥਾਰਟੀ ਵੱਲੋਂ ਪੁਲੀਸ ਦੇ ਜ਼ੋਰ ਨਾਲ ਵਿਦਿਆਰਥੀਆਂ ’ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਨਾਲ ਯੂਨੀਵਰਸਿਟੀ ਦੀ ਰੈਂਕਿੰਗ ਨੂੰ ਵੀ ਨੁਕਸਾਨ ਪਹੁੰਚਦਾ ਹੈ।