ਪੀ ਯੂ ਵਿਦਿਆਰਥੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ 10 ਨਵੰਬਰ ਨੂੰ ਕੈਂਪਸ ਵਿੱਚ ਵੱਡੇ ਇਕੱਠ ਦੇ ਕੀਤੇ ਐਲਾਨ ਮਗਰੋਂ ਕੇਂਦਰ ਸਰਕਾਰ ਨੇ ਅੱਜ ਦੇਰ ਸ਼ਾਮ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ। ਹਾਲਾਂਕਿ ਵਿਦਿਆਰਥੀਆਂ ਨੇ ਇਸ ਨੂੰ ਵੱਡੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ 10 ਨਵੰਬਰ ਦਾ ਇਕੱਠ ਹੋਵੇਗਾ ਕਿਉਂਕਿ ਉਨ੍ਹਾਂ ਦਾ ਸੰਘਰਸ਼ 91 ਮੈਂਬਰੀ ਸੈਨੇਟ ਚੋਣਾਂ ਦਾ ਪ੍ਰੋਗਰਾਮ ਜਾਰੀ ਕਰਵਾਉਣ ਤੱਕ ਜਾਰੀ ਰਹੇਗਾ। ਦੱਸਣਯੋਗ ਹੈ ਕਿ ਵਾਈਸ ਚਾਂਸਲਰ ਦਫ਼ਤਰ ਅੱਗੇ ਗਵਰਨਿੰਗ ਬਾਡੀ ‘ਸੈਨੇਟ’ ਦਾ ਪੁਰਾਣਾ ਢਾਂਚਾ ਹੂ-ਬ-ਹੂ ਬਹਾਲ ਕਰਵਾਉਣ ਅਤੇ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦਾ ਅੱਜ ਚੌਥਾ ਦਿਨ ਸੀ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਮੀਡੀਆ ਨੂੰ ਭੇਜੀ ਜਾਣਕਾਰੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਿਦਿਆਰਥੀਆਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।
ਇਸ ਸਬੰਧੀ ਵਾਈਸ ਚਾਂਸਲਰ ਦਫ਼ਤਰ ਅੱਗੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਗਗਨ, ਅਸ਼ਮੀਤ ਸਿੰਘ, ਸੰਦੀਪ, ਅਵਤਾਰ ਸਿੰਘ, ਜ਼ੋਬਨ ਆਦਿ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਹੋਰ ਨੇੜਲੇ ਇਲਾਕਿਆਂ ਨਾਲ ਸਬੰਧਤ ਕਿਸਾਨ, ਮਜ਼ਦੂਰ, ਵਿਦਿਆਰਥੀ, ਅਧਿਆਪਕ, ਸਿੱਖ ਜਥੇਬੰਦੀਆਂ, ਦਲਿਤ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਨਾਲ ਅੱਜ ਮੀਟਿੰਗ ਹੋ ਚੁੱਕੀ ਹੈ ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ ਇਕੱਠ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਸ਼ਮੂਲੀਅਤ ਕੀਤੀ ਜਾਵੇ ਅਤੇ ਇਸ ਇਕੱਠ ਨੂੰ ਇਤਿਹਾਸਕ ਬਣਾਇਆ ਜਾਵੇ। ਉਨ੍ਹਾਂ ਪੰਜਾਬ ਪੁਲੀਸ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਆਉਣ ਵਾਲੇ ਕਿਸੇ ਵੀ ਜਥੇਬੰਦੀ ਦੇ ਆਗੂਆਂ ਜਾਂ ਵਰਕਰਾਂ ਨੂੰ ਰੋਕਿਆ ਨਾ ਜਾਵੇ। ਜੇਕਰ ਅਜਿਹੀ ਕੋਸ਼ਿਸ਼ ਹੋਈ ਤਾਂ ਭਾਜਪਾ ਦੇ ਦਫ਼ਤਰਾਂ ਅੱਗੇ ਪੁਤਲੇ ਫੂਕੇ ਜਾ ਸਕਦੇ ਹਨ, ਪੰਜਾਬ ਵਿੱਚ ਡੀਸੀ ਦਫ਼ਤਰਾਂ ਦੇ ਅੱਗੇ ਵੀ ਮੁਜ਼ਾਹਰੇ ਕੀਤੇ ਜਾ ਸਕਦੇ ਹਨ। ਵਾਈਸ ਚਾਂਸਲਰ ਦਫ਼ਤਰ ਅੱਗੇ ਚੱਲ ਰਹੇ ਪੱਕੇ ਧਰਨੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਪ੍ਰਗਟ ਸਿੰਘ ਸਮੇਤ ਅਮਿਤੋਜ ਮਾਨ, ਸੰਨੀ ਮਹਿਤਾ, ਕਿਸਾਨ ਆਗੂ ਸਰਬਜੀਤ ਸਿੰਘ ਪੰਧੇਰ, ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਭਾਨਾ ਸਿੱਧੂ ਆਦਿ ਨੇ ਸ਼ਮੂਲੀਅਤ ਕੀਤੀ।
ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ‘ਆਪ’: ਭਾਜਪਾ
ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਭਾਜਪਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ 28 ਅਕਤੂਬਰ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ‘ਆਪ’ ’ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਰਕਾਰ ਨੇ 28 ਅਕਤੂਬਰ ਦੇ ਸੈਨੇਟ ਤੇ ਸਿੰਡੀਕੇਟ ਦੇ ਪ੍ਰਬੰਧਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਉਸ ਨੂੰ ਅਣਮਿਥੇ ਸਮੇਂ ਲਈ ਟਾਲ ਦਿੱਤਾ ਹੈ।
