ਸਰਕਲ ਲਾਲੜੂ ਅਧੀਨ ਪੈਂਦੇ ਪਿੰਡ ਭਗਵਾਸੀ ਵਿੱਚ ਨਾਜਾਇਜ਼ ਖਣਨ ਕਾਰਨ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਵਿੱਚ ਮਿੱਟੀ ਦੀ ਗੈਰ-ਕਾਨੂੰਨੀ ਖੁਦਾਈ ਬਿਨਾਂ ਕਿਸੇ ਡਰ ਤੋਂ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਮੂਕ ਦਰਸ਼ਕ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿੰਡ ਭਗਵਾਸੀ ਵਿੱਚ ਦਿਨ-ਰਾਤ ਮਿੱਟੀ ਪੁੱਟੀ ਜਾ ਰਹੀ ਹੈ। ਮੌਕੇ ’ਤੇ ਦਰਜਨਾਂ ਟਿੱਪਰ ਮਿੱਟੀ ਨਾਲ ਭਰੇ ਹੋਏ ਵੇਖੇ ਜਾ ਸਕਦੇ ਹਨ, ਜੋ ਤੇਜ਼ ਰਫ਼ਤਾਰ ਨਾਲ ਪਿੰਡ ਦੀਆਂ ਸੜਕਾਂ ਤੋਂ ਲੰਘਦੇ ਹਨ, ਜਿਸ ਕਾਰਨ ਪਿੰਡ ਦੀਆਂ ਸੜਕਾਂ ਟੁੱਟ ਰਹੀਆਂ ਹਨ ਅਤੇ ਉੱਡਦੀ ਧੂੜ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ।
ਲੋਕਾਂ ਨੇ ਸਬੰਧਿਤ ਵਿਭਾਗ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਨਾਰਾਜ਼ਗੀ ਜਤਾਈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸ਼ਿਕਾਇਤਾਂ ਦੇ ਬਾਵਜੂਦ ਅਧਿਕਾਰੀ ਮੌਕੇ ’ਤੇ ਪਹੁੰਚਣ ਤੋਂ ਗੁਰੇਜ਼ ਕਰਦੇ ਹਨ। ਲਗਾਤਾਰ ਹੋ ਰਹੀ ਖੁਦਾਈ ਨਾਲ ਜ਼ਮੀਨਦੋਜ਼ ਪਾਣੀ ਦੇ ਪੱਧਰ ਅਤੇ ਵਾਤਾਵਰਨ ’ਤੇ ਬੁਰਾ ਅਸਰ ਪੈ ਰਿਹਾ ਹੈ। ਸਥਾਨਕ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਕਈ ਵਾਰ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕੀਤਾ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਜੇਕਰ ਜਲਦੀ ਮਾਈਨਿੰਗ ਬੰਦ ਨਾ ਕੀਤੀ ਗਈ ਤਾਂ ਪਿੰਡ ਵਾਸੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨਾਜਾਇਜ਼ ਖਣਨ ਨੂੰ ਤੁਰੰਤ ਰੋਕਿਆ ਜਾਵੇ।
ਇਸ ਸਬੰਧੀ ਐੱਸ ਡੀ ਐੱਮ ਡੇਰਾਬਸੀ ਅਮਿਤ ਗੁਪਤਾ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕਰਨਗੇ।

