ਪੰਜਾਬ ਤੇ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਯਕੀਨੀ ਬਣਾਏ: ਪੀਰ ਮੁਹੰਮਦ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਸਾਂਝੇ ਉਪਰਾਲੇ ਕਰਦੇ ਹੋਏ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਅੱਧਾ ਹਿੱਸਾ ਹੜ੍ਹ ਤੋ ਪ੍ਰਭਾਵਿਤ ਹੋ ਚੁੱਕਾ ਹੈ ਅਤੇ ਇਨ੍ਹਾਂ ਇਲਾਕਿਆਂ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਤੇ ਪੰਜਾਬ ਕੁਦਰਤੀ ਕ੍ਰੋਪੀ ਦਾ ਸਾਹਮਣਾ ਕਰ ਰਿਹਾ ਹੈ। ਕੁਦਰਤੀ ਆਫ਼ਤ ਪ੍ਰਬੰਧਨ ਹੇਠ ਦਿੱਤੇ ਜਾਣ ਵਾਲੇ ਫੰਡ ਨੂੰ ਤੁਰੰਤ ਰਿਲੀਜ਼ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਨੂੰ ਬੇਗਾਨਗੀ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਹੜ੍ਹ ਤੋਂ ਪ੍ਰਭਾਵਿਤ ਹੋ ਕੇ ਗਹਿਰੇ ਸੰਕਟ ਵਿੱਚੋਂ ਗੁਜਰ ਰਿਹਾ ਹੈ। ਇਸ ਸੰਕਟ ਵਿੱਚੋ ਪੰਜਾਬ ਨੂੰ ਕੱਢਣ ਲਈ ਕੇਂਦਰ ਸਰਕਾਰ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਦੇ ਹੋਏ, ਪ੍ਰਭਾਵਿਤ ਇਲਾਕਿਆਂ ਲਈ ਬਿਨਾਂ ਦੇਰੀ ਕੀਤੇ ਵਿੱਤੀ ਮੱਦਦ ਦਾ ਐਲਾਨ ਕਰੇ।