ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ...
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ 540 ਕਰੋੜ ਰੁਪਏ ਦੀ ‘ਡਰੱਗ ਮਨੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।
ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਥੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਸਟਿਸ ਤ੍ਰਿਭੁਵਨ ਦਹੀਆ ਦੀ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ ਮੁਹਾਲੀ ਦੀ ਇੱਕ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਜੀਠੀਆ ਇਸ ਵੇਲੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਨੇ ਆਪਣੇ ਖਿਲਾਫ਼ ਇਸ ਕੇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ।
ਮਜੀਠੀਆ ਖਿਲਾਫ਼ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (ਐਨਡੀਪੀਐਸ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੇ ਅਧਾਰ ’ਤੇ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦਾ ਦਾਅਵਾ ਹੈ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 540 ਕਰੋੜ ਰੁਪਏ ਤੋਂ ਵੱਧ "ਡਰੱਗ ਮਨੀ" ਨੂੰ ਕਈ ਤਰੀਕਿਆਂ ਨਾਲ ਮਨੀਲਾਂਡਰ ਕੀਤਾ ਗਿਆ ਸੀ। ਐਫਆਈਆਰ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਡੀਏ ਮਾਮਲੇ ਵਿੱਚ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।

