Punjab BJP: ਵਿਧਾਨ ਸਭਾ ਸੈਸ਼ਨ ’ਚ ਲੋਕ ਮਸਲਿਆਂ ਬਾਰੇ ਚਰਚਾ ਨਹੀਂ: ਸ਼ਰਮਾ
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ ਅਤੇ ਭਾਜਪਾ ਬਹੁਮਤ ਨਾਲ ਸਰਕਾਰ ਬਣਾਏਗੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸ਼ਰਮਾ...
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ ਅਤੇ ਭਾਜਪਾ ਬਹੁਮਤ ਨਾਲ ਸਰਕਾਰ ਬਣਾਏਗੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਈ-20 ਪੈਟਰੋਲ ਨੀਤੀ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲੇਗਾ। ਈਥਾਨੌਲ ਦੀ ਮੰਗ ਵਧਣ ਨਾਲ ਫ਼ਸਲਾਂ ਦੀ ਵਿਭਿੰਨਤਾ ਨੂੰ ਉਤਸ਼ਾਹ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਇਸ ਨੀਤੀ ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਅਸਲ ’ਚ ਕਿਸਾਨਾਂ ਦੇ ਹਿੱਤਾਂ ਦਾ ਵਿਰੋਧ ਕਰ ਰਹੀਆਂ ਹਨ। ਪੰਜਾਬ ਵਿਧਾਨ ਸਭਾ ਸੈਸ਼ਨ ਬਾਰੇ ਉਨ੍ਹਾਂ ਕਿਹਾ ਕਿ ਸੈਸ਼ਨ ’ਚ ਬੇਰੁਜ਼ਗਾਰੀ, ਉਦਯੋਗ, ਨਸ਼ਿਆਂ ਅਤੇ ਹੋਰ ਮੁੱਦਿਆਂ ’ਤੇ ਚਰਚਾ ਕਰਨ ਦੀ ਬਜਾਏ ਸਿਆਸੀ ਨਾਟਕਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਵਿੱਚ ਅਸਫ਼ਲ ਰਹੀ ਹੈ। ਕਾਂਗਰਸ ਬਾਰੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਅੰਦਰਲੀ ਧੜੇਬੰਦੀ ਕਾਰਨ ਆਪਣੀ ਹੋਂਦ ਗੁਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦੇ ਹੱਕ ਵਿੱਚ ਹਨ। ਇਸ ਤੋਂ ਪਹਿਲਾਂ ਡਾ. ਸ਼ਰਮਾ ਨੇ ਕੀਰਤਪੁਰ ਸਾਹਿਬ ਵਿੱਚ ਭਾਜਪਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸ੍ਰੀ ਆਨੰਦਪੁਰ ਸਾਹਿਬ ਇਕਾਈ ਦੇ ਪ੍ਰਧਾਨ ਰਤਨ ਧਨੇੜਾ ਆਦਿ ਹਾਜ਼ਰ ਸਨ।

