ਪੰਜਾਬ ਭਾਜਪਾ ਵੱਲੋਂ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਅਗਨ ਭੇਟ
ਸਰਕਾਰ ਦੇ ਬੇਅਦਬੀ ਖ਼ਿਲਾਫ਼ ਬਿੱਲ ’ਚ ਕੋਈ ਦਮ ਨਹੀਂ: ਰਾਜੂ
Advertisement
ਪੰਜਾਬ ਭਾਜਪਾ ਨੇ ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਏ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਨੂੰ ਅੱਜ ਇੱਥੇ ਅਗਨ ਭੇਟ ਕੀਤਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਅਦਬੀ ਖ਼ਿਲਾਫ਼ ਬਿੱਲ (ਪੰਜਾਬ ਪਵਿੱਤਰ ਗ੍ਰੰਥਾਂ ਖ਼ਿਲਾਫ਼ ਅਪਰਾਧ ਰੋਕਥਾਮ ਬਿੱਲ-2005) ਵਿੱਚ ਕੋਈ ਦਮ ਨਹੀਂ ਹੈ ਅਤੇ ਇਸ ’ਚ ਬੇਅਦਬੀ ਦੀ ਪਰਿਭਾਸ਼ਾ ਹੀ ਸਪੱਸ਼ਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਹੁਣ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਲਿਆ ਕੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬਿੱਲ ਸਮੇਂ ਦੀ ਬਰਬਾਦੀ ਹੈ।
ਜਗਮੋਹਨ ਰਾਜੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਨਵਾਂ ਢੌਂਗ ਰਚਿਆ ਹੈ ਅਤੇ ਪੰਜਾਬ ਵਿਧਾਨ ਸਭਾ ਦੇ ਮੰਚ ਨੂੰ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜ ਤਾਂ ਇਸ ਗੱਲ ਦੀ ਸੀ ਕਿ ਬੇਅਦਬੀ ਖ਼ਿਲਾਫ਼ ਕੋਈ ਚੰਗਾ ਬਿੱਲ ਲਿਆਂਦਾ ਜਾਂਦਾ ਪਰ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ ਤਿੰਨ ਸਾਲ ਤੋਂ ਬਾਅਦ ਇਹ ਬਿੱਲ ਲਿਆ ਕੇ ਡਰਾਮਾ ਕੀਤਾ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਪ੍ਰਚਾਰ ਕੀਤਾ ਗਿਆ ਹੈ ਕਿ ਬੇਅਦਬੀ ਬਿੱਲ ’ਚ 10 ਸਾਲ ਤੋਂ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ ਪਰ ਬਿੱਲ ਵਿੱਚ ਕਿਤੇ ਵੀ ਉਮਰ ਕੈਦ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
Advertisement
Advertisement