ਪੱਤਰ ਪ੍ਰੇਰਕ
ਚੰਡੀਗੜ੍ਹ, 8 ਸਤੰਬਰ
ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂ ਸੰਘ ਦੀ ਮੀਟਿੰਗ ਉਦਯੋਗ ਭਵਨ ਵਿਚ ਮਹਾਂ ਸੰਘ ਦੇ ਆਗੂ ਤੇ ਚੰਡੀਗੜ੍ਹ ਸੀਟੂ ਦੇ ਆਗੂ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਅੱਧਾ ਅਧੂਰਾ ਗਰਦਾਨਿਆ ਗਿਆ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮੀਟਿੰਗ ਪੰਜਾਬ ਸਰਕਾਰ ਵੱਲੋਂ ਦਿੱਤੇ ਪੇਅ-ਕਮਿਸ਼ਨ ਦਾ ਵਿਰੋਧ ਕੀਤਾ ਗਿਆ ਅਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਭੱਤਿਆਂ ਨੂੰ 2016 ਤੋਂ ਲਾਗੂ ਕਰਨ ਲਈ ਮੁੜ ਤੋਂ ਸੰਘਰਸ਼ ਕਰਨ ਵਾਸਤੇ ਪੰਜਾਬ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਦੇ ਮੁਲਾਜ਼ਮ ਜਥੇਬੰਦੀਆਂ ਨੂੰ ਲਾਮਬੰਦ ਕੀਤਾ ਗਿਆ। ਬੋਰਡ/ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਕੱਚੇ ਕਾਮੇ ਜਿਵੇਂ ਕਿ ਆਊਟਸੋਰਜ਼/ਵਰਕਚਾਰਜ/ ਡੇਲੀਵੇਜ਼ ਆਦਿ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮਹਾਂ ਸੰਘ ਦੇ ਝੰਡੇ ਹੇਠ ਪੰਜਾਬ ਸਰਕਾਰ ਖਿਲਾਫ਼ ਚੰਡੀਗੜ੍ਹ ਦੇ ਸੈਕਟਰ-17 ਵਿੱਚ ਵੱਡੀ ਰੈਲੀ ਕਰਨ ਦੀ ਚਿਤਾਵਨੀ ਦਿੱਤੀ ਗਈ।
ਪੀਐਸਆਈਈਸੀ ਸਟਾਫ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ ਬੋਰਡ/ ਕਾਰਪੋਰੇਸ਼ਨ ਵਿੱਚ ਮੈਡੀਕਲ ਅਤੇ ਪੈਨਸ਼ਨ ਲਗਾਉਣ, ਨਵੀਂ ਸਿੱਧੀ ਭਰਤੀ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇੱਕ ਕਮੇਟੀ ਦਾ ਵੀ ਗਠਨ ਕੀਤਾ ਕੀਤਾ ਗਿਆ ਜਿਹੜੀ ਕਿ ਮੰਗ-ਪੱਤਰ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੇਗੀ।
ਅੱਜ ਦੀ ਮੀਟਿੰਗ ਵਿੱਚ ਹੋਰ ਵੱਖ ਵੱਖ ਬੋਰਡ ਤੇ ਕਾਰਪੋਰੇਸ਼ਨਾਂ ਦੀਆਂ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ।