ਪੰਜਾਬ ਕੈਬਨਿਟ ਵੱਲੋਂ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨ ਲਈ ਹਰੀ ਝੰਡੀ
Punjab cabinet Meeting ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨੌਰਥ ਨਵੀਂ ਸਭ ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ ਹੋਰ ਫੈਸਲਿਆਂ ਵਿਚ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ।
ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਪੋਰਟਸ ਮੈਡੀਸਨ ਕਾਡਰ ਵਿੱਚ 100 ਦੇ ਕਰੀਬ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ’ਤੇ ਭਰੀਆਂ ਜਾਣਗੀਆਂ। ਇਸ ਵਿੱਚ ਗਰੁੱਪ ਏ ਦੀਆਂ 14, ਗਰੁੱਪ ਬੀ ਦੀਆਂ 16 ਅਤੇ ਗਰੁੱਪ ਸੀ ਦੀਆਂ 80 ਦੇ ਕਰੀਬ ਅਸਾਮੀਆਂ ਭਰੀਆਂ ਜਾਣਗੀਆਂ।
ਪੰਜਾਬ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਵੱਲੋਂ ਡੇਰਾ ਬੱਸੀ ਵਿੱਚ 100 ਬੈੱਡਾਂ ਦਾ ਈਐਸਆਈ ਹਸਪਤਾਲ ਬਣਾਉਣ ਲਈ 4 ਏਕੜ ਜ਼ਮੀਨ ਮੁਹੱਈਆ ਕਰਵਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਵੱਲੋਂ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਸੋਧ ਅਨੁਸਾਰ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਹੱਈਆ ਕਰਵਾਈ ਜਾਣ ਵਾਲੀ ਦਵਾਈਆਂ ਦੀ ਦੇਖਰੇਖ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
