Punjab Congress Crisis: ਪ੍ਰਤਾਪ ਸਿੰਘ ਬਾਜਵਾ ਦੀ ਵਿਧਾਇਕਾਂ ਨਾਲ ਮੀਟਿੰਗ ਨੇ ਚਰਚਾ ਛੇੜੀ
Partap Singh Bajwa: ਕਾਂਗਰਸ ਦੇ 15 ਵਿਧਾਇਕਾਂ ਨੇ Rahul Gandhi ਨੂੰ ਪੱਤਰ ਲਿਖ ਕੇ ਮਿਲਣ ਲਈ ਸਮਾਂ ਮੰਗਿਆ
Punjab Congress Crisis: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ਦਰਮਿਆਨ ਹੁਣ ਚੰਨੀ-ਵੜਿੰਗ ਧੜੇ ਤੋਂ ਬਾਅਦ ਪਾਰਟੀ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਦਰਜਨ ਤੋਂ ਜ਼ਿਆਦਾ ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਪਾਰਟੀ ਦੇ 15 ਵਿਧਾਇਕਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਮੀਟਿੰਗ ਕਰਨ ਦਾ ਸਮਾਂ ਮੰਗਿਆ ਹੈ।
ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿੱਚ ਪਾਰਟੀ ਨੇਤਾਵਾਂ ਵਿਚਕਾਰ ਚੱਲ ਰਹੇ ਕਲੇਸ਼ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਪਾਰਟੀ ਦੇ ਇੱਕ ਵਿਧਾਇਕ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਉਨ੍ਹਾਂ ਨੇ ਮੀਟਿੰਗ ਦੇ ਅਸਲ ਮਕਸਦ ਬਾਰੇ ਕੋਈ ਖ਼ਾਸ ਜਾਣਕਾਰੀ ਨਹੀਂ ਦਿੱਤੀ। ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪੰਜਾਬ ਕਾਂਗਰਸ ਲਗਾਤਾਰ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ। ਪਾਰਟੀ ਲੀਡਰਸ਼ਿਪ ਦੇ ਵਾਰ-ਵਾਰ ਦਾਅਵਿਆਂ ਦੇ ਬਾਵਜੂਦ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਏਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਸੂਬਾ ਇਕਾਈ ਵਿੱਚ ਧੜੇਬੰਦੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ।
ਪਾਰਟੀ ਵਿੱਚ ਇਹ ਅੰਦਰੂਨੀ ਫੁੱਟ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਪਹਿਲੀ ਜੁਲਾਈ ਨੂੰ ਕਾਂਗਰਸ ਲੀਡਰਸ਼ਿਪ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੁਹਿੰਮ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ। 31 ਜੁਲਾਈ ਤੋਂ 8 ਅਗਸਤ ਤੱਕ ਚੱਲੀ ਪਾਰਟੀ ਦੀ 'ਹਰ ਬੂਥ, ਕਾਂਗਰਸ ਮਜ਼ਬੂਤ' ਮੁਹਿੰਮ ਦੌਰਾਨ ਅੰਦਰੂਨੀ ਖਿੱਚੋਤਾਣ ਖੁੱਲ੍ਹ ਕੇ ਦਿਖਾਈ ਦਿੱਤੀ, ਜਿੱਥੇ ਕਈ ਮੀਟਿੰਗਾਂ ਵਿੱਚ ਚੰਨੀ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਵੜਿੰਗ ਦੇ ਸਮਰਥਕਾਂ ਨਾਲ ਬਹਿਸਬਾਜ਼ੀ ਵੀ ਦੇਖਣ ਨੂੰ ਮਿਲੀ।
ਮੁਕਤਸਰ ਵਿੱਚ "ਵਾਪਸ ਜਾਓ ਬਘੇਲ" ਦੇ ਪੋਸਟਰ ਵੀ ਦੇਖਣ ਨੂੰ ਮਿਲੇ, ਜਦੋਂ ਕਿ ਇਹ ਸਾਰਾ ਵਿਵਾਦ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੇ ਸਾਹਮਣੇ ਆਇਆ। ਚੰਨੀ ਦੀ ਅਗਵਾਈ ਵਾਲੇ ਨੇਤਾਵਾਂ ਦੇ ਇੱਕ ਧੜੇ ਨੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਰਕਰਾਰ ਰੱਖਣ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਚੰਨੀ ਦੇ ਸਮਰਥਕ ਇਹ ਵੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਜਾਵੇ।
ਇਸ ਤੋਂ ਬਾਅਦ ਭੁਪੇਸ਼ ਬਘੇਲ ਨੇ ਪੰਜਾਬ ਦਾ ਦੌਰਾ ਕਰਕੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ 16 ਜੁਲਾਈ ਨੂੰ ਦਿੱਲੀ ਵਿੱਚ ਏ.ਆਈ.ਸੀ.ਸੀ. ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮਿਲਣ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਸਭ ਕੁਝ ਠੀਕ ਹੈ ਅਤੇ ਉਹ ਹਾਈਕਮਾਨ ਦੇ ਹਰ ਫ਼ੈਸਲੇ ਦੀ ਪਾਲਣਾ ਕਰਨਗੇ।
ਜਾਣਕਾਰੀ ਅਨੁਸਾਰ ਵਿਧਾਇਕ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਪਾਰਟੀ ਦੇ ਆਗੂਆਂ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀ ਗੱਲ ਰੱਖਣਾ ਚਾਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਪ੍ਰਤਾਪ ਸਿੰਘ ਬਾਜਵਾ ਦਿੱਲੀ ਪਹੁੰਚ ਗਏ ਹਨ। ਅਜਿਹੇ ਵਿੱਚ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਇਸ ਘਟਨਾਕ੍ਰਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਸਨ। ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਸਰਕਾਰੀ ਨਿਵਾਸ ’ਤੇ ਜਾ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਰਾਜਾ ਵੜਿੰਗ ਅਤੇ ਚੰਨੀ ਧੜੇ ਦੇ ਬਾਗੀ ਆਗੂ ਮੌਜੂਦ ਨਹੀਂ ਸਨ।
ਵਿਧਾਇਕਾਂ ਨੇ ਕਿਹਾ—ਪਾਰਟੀ ਦੇ ਅੰਦਰੂਨੀ ਮਤਭੇਦ ਰਾਹੁਲ ਗਾਂਧੀ ਦੇ ਸਾਹਮਣੇ ਰੱਖਾਂਗੇ
ਪੰਜਾਬ ਦੇ ਵਿਧਾਇਕਾਂ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋਈ ਹੈ। ਵਿਧਾਇਕਾਂ ਦੀ ਰਾਏ ਸੀ ਕਿ ਮੌਜੂਦਾ ਹਾਲਾਤ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇ। ਪਾਰਟੀ ਵਿੱਚ ਆਗੂਆਂ ਵਿਚਕਾਰ ਜੋ ਮਤਭੇਦ ਹਨ, ਉਨ੍ਹਾਂ ਬਾਰੇ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਜਾਵੇਗਾ।
ਗੁਪਤ ਮੀਟਿੰਗਾਂ ਨਾਲ ਕੋਈ ਫਰਕ ਨਹੀਂ ਪੈਣਾ: ਕਾਂਗਰਸੀ ਆਗੂ
ਦੂਜੇ ਪਾਸੇ ਵੜਿੰਗ ਨਾਲ ਜੁੜੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਨਾਲ ਹੁਣ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਵਿਧਾਇਕਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਤੇ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ ਪਰ ਹਾਈ ਕਮਾਂਡ ਨੇ ਰਾਜਾ ਵੜਿੰਗ ਵਿਚ ਭਰੋਸਾ ਪ੍ਰਗਟਾਇਆ ਹੈ ਤੇ ਰਾਜਾ ਵੜਿੰਗ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਹਨ।

