Punjab DA Arrears: ਜੇ ਪੰਜਾਬ ਦੇ ਮੁਲਾਜ਼ਮ ਸੰਪਰਕ ਕਰਨਗੇ ਤਾਂ ਸਰਕਾਰ ਨਾਲ ਗੱਲਬਾਤ ਕਰਾਂਗਾ: Gulab Chand Kataria
ਪੰਜਾਬ ਦੇ ਰਾਜਪਾਲ ਨੇ ਡੀ ਏ ਤੇ ਹੋਰ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਬਾਰੇ ਦਿੱਤਾ ਬਿਆਨ
Punjab DA Arrears: ਪੰਜਾਬ ਵਿੱਚ ਮੁਲਾਜ਼ਮ ਡੀ ਏ ਤੇ ਹੋਰ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮਾਮਲੇ 'ਤੇ ਕਿਹਾ ਹੈ ਕਿ ਇਹ ਮਾਮਲਾ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਦਾ ਹੈ ਪਰ ਜੇਕਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਪਣੀ ਕਿਸੇ ਸਮੱਸਿਆ ਨੂੰ ਲੈ ਕੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਦੇ ਹਨ ਤਾਂ ਉਹ ਇਸ ਬਾਰੇ ਜ਼ਰੂਰ ਸਰਕਾਰ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਇਹ ਵੀ ਮੰਨਿਆ ਕਿ ਚੋਣਾਂ ਦੇ ਨੇੜੇ ਆਉਂਦਿਆਂ ਅਜਿਹੇ ਹਾਲਾਤ ਅਤੇ ਵਿਰੋਧ ਪ੍ਰਦਰਸ਼ਨ ਆਮ ਤੌਰ 'ਤੇ ਦੇਖਣ ਨੂੰ ਮਿਲਦੇ ਹਨ। ਲੁਧਿਆਣਾ ਦੇ ਪੀਏਯੂ ਵਿਖੇ ਇਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜਪਾਲ ਨੇ ਇਹ ਸ਼ਬਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।
ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ’ਤੇ ਵਧਿਆ ਵਿਵਾਦ
ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਲੰਬਿਤ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤੀ ਹੁਕਮਾਂ ਦੇ ਬਾਵਜੂਦ ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ।
ਮੁਲਾਜ਼ਮ ਜਥੇਬੰਦੀਆਂ ਅਨੁਸਾਰ 18 ਫੀਸਦੀ ਡੀਏ ਦਾ ਹਿੱਸਾ ਜਨਵਰੀ 2023 ਤੋਂ ਬਕਾਇਆ ਹੈ। ਹਾਈ ਕੋਰਟ ਦੇ ਹੁਕਮ ਤੋਂ ਬਾਅਦ ਵੀ ਇਸ ਦਾ ਭੁਗਤਾਨ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ ਹੈ। ਚੰਡੀਗੜ੍ਹ ਵਿੱਚ ਹੋਈ ਵੱਡੀ ਰੈਲੀ ਦੌਰਾਨ ਮੁਲਾਜ਼ਮਾਂ ਨੇ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਉਠਾਈ ਸੀ।
ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ ਤੇ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਦਾਖਲ ਹੁੰਦੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਹਾਲਾਂਕਿ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੁੰਦੇ ਹੀ ਪੁਲੀਸ ਨੇ ਸੈਕਟਰ-39 ਨੇੜੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਤੇ ਇਸ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਤੈਅ ਹੋਈ ਸੀ।
ਜ਼ਿਕਰਯੋਗ ਹੈ ਕਿ ਹਾਈ ਕੋਰਟ ਵਲੋਂ ਡੀ ਏ ਦੇਣ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਵਿੱਤ ਵਿਭਾਗ ਦੇ ਤਾਜ਼ਾ ਹੁਕਮਾਂ ਅਨੁਸਾਰ ਜੇਕਰ ਕਿਸੇ ਮਾਮਲੇ ਵਿੱਚ ਅਦਾਲਤ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਰਾਹਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਦੀ ਮਨਜ਼ੂਰੀ ਲੈਣੀ ਪਵੇਗੀ।
ਵਿੱਤ ਵਿਭਾਗ ਵਲੋਂ 17 ਅਗਸਤ 2026 ਨੂੰ ਨਿਰਮਲ ਸਿੰਘ ਧਨੋਆ ਕੇਸ ਨਾਲ ਸਬੰਧਤ ਜਾਰੀ ਕੀਤੇ ਹੁਕਮਾਂ ਵਿੱਚ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਕਿਹਾ ਗਿਆ ਸੀ ਕਿ ਉਹ ਸਾਰੇ ਅਜਿਹੇ ਮਾਮਲਿਆਂ ਦੀ ਪੂਰੀ ਜਾਣਕਾਰੀ ਦੇਣ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਫ਼ੈਸਲੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਨਾਲ ਸਰਕਾਰ ’ਤੇ ਵਿੱਤੀ ਬੋਝ ਪੈਂਦਾ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹੇ ਮਾਮਲਿਆਂ ਵਿੱਚ ਵਿੱਤ ਵਿਭਾਗ ਦੀ ਪਹਿਲਾਂ ਸਹਿਮਤੀ ਤੋਂ ਬਿਨਾਂ ਕੋਈ ਹੁਕਮ ਲਾਗੂ ਨਹੀਂ ਕੀਤਾ ਜਾਵੇਗਾ। ਜੇਕਰ ਇਸ ਮਾਮਲੇ ਸਬੰਧੀ ਆਮ ਹਦਾਇਤਾਂ ਪਹਿਲਾਂ ਜਾਰੀ ਨਾ ਹੋਈਆਂ ਹੋਣ ਤਾਂ ਵਿੱਤ ਵਿਭਾਗ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।
ਕੀ ਹੈ ਨਿਰਮਲ ਸਿੰਘ ਧਨੋਆ ਦਾ ਕੇਸ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA/DR) ਨਾਲ ਜੁੜਿਆ ਨਿਰਮਲ ਸਿੰਘ ਧਨੋਆ ਕੇਸ ਇਨ੍ਹੀਂ ਦਿਨੀਂ ਚਰਚਾ ਵਿੱਚ ਹੈ। ਇਹ ਮਾਮਲਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ DA/DR ਦੀਆਂ ਬਕਾਇਆ ਕਿਸ਼ਤਾਂ ਨਾ ਮਿਲਣ ਨਾਲ ਸਬੰਧਤ ਹੈ। ਅਦਾਲਤ ਨੇ 8 ਅਪ੍ਰੈਲ 2026 ਨੂੰ ਇਸ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਇਆ ਸੀ। ਇਸ ਵਿੱਚ ਨਿਰਮਲ ਸਿੰਘ ਧਨੋਆ ਅਤੇ ਹੋਰ ਪਟੀਸ਼ਨਰਾਂ ਦੇ ਨਾਲ ਦੋ ਹੋਰ ਜੁੜੀਆਂ ਪਟੀਸ਼ਨਾਂ ਦਾ ਵੀ ਨਿਪਟਾਰਾ ਕੀਤਾ ਗਿਆ।
ਮਾਮਲਾ ਕੀ ਸੀ?
ਨਿਰਮਲ ਸਿੰਘ ਧਨੋਆ ਸਮੇਤ ਪਟੀਸ਼ਨਰ ਸੇਵਾਮੁਕਤ ਮੁਲਾਜ਼ਮ ਹਨ। ਉਨ੍ਹਾਂ ਦਾ ਦਲੀਲ ਸੀ ਕਿ ਪੰਜਾਬ ਸਰਕਾਰ ਨੇ 18 ਜੂਨ 2021 ਨੂੰ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰ ਕਰਦਿਆਂ DA/DR ਕੇਂਦਰ ਸਰਕਾਰ ਦੇ ਪੈਟਰਨ ’ਤੇ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਦੇ ਬਾਵਜੂਦ ਬਾਅਦ ਦੀਆਂ DA/DR ਕਿਸ਼ਤਾਂ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਗਈਆਂ। ਪਟੀਸ਼ਨਰਾਂ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ DA/DR ਦਿੱਤਾ ਜਾਵੇ ਅਤੇ ਪਿਛਲੀਆਂ ਬਕਾਇਆ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣ।
ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੁਦ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮਨਜ਼ੂਰ ਕਰਕੇ DA ਕੇਂਦਰੀ ਪੈਟਰਨ ’ਤੇ ਦੇਣ ਦੀ ਨੀਤੀ ਅਪਣਾਈ ਸੀ। ਇਸ ਲਈ ਬਾਅਦ ਵਿੱਚ ਇਸ ਤੋਂ ਪਿੱਛੇ ਨਹੀਂ ਹਟਿਆ ਜਾ ਸਕਦਾ।

