Punjab DA Arreras: ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ’ਚ ਤੁਰੰਤ ਪੈਰਵੀ ਕਰਨ ਦੀ ਹਦਾਇਤ
Punjab DA row: ਹਾਈ ਕੋਰਟ ਦੇ ਹੁਕਮਾਂ ਨੂੰ ਲਟਕਾ ਕੇ ਨਾ ਰੱਖਿਆ ਜਾਵੇ, ਖਾਮੀਆਂ ਦੂਰ ਕਰਕੇ ਅਗਲੇ ਹਫ਼ਤੇ ਤੱਕ ਕੀਤੀ ਜਾਵੇ ਸੁਣਵਾਈ: ਅਦਾਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬਕਾਇਆ ਮਹਿੰਗਾਈ ਭੱਤੇ (DA) ਦੇ ਭੁਗਤਾਨ ਸਬੰਧੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਅਪੀਲ ਦੀ ਤੁਰੰਤ ਪੈਰਵੀ ਕਰੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਅਪਣੀ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਵਿੱਚ ਤਕਨੀਕੀ ਖਾਮੀਆਂ (Defects) ਨੂੰ ਬਹਾਨਾ ਬਣਾ ਕੇ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਲਟਕਾ ਕੇ ਨਹੀਂ ਰੱਖ ਸਕਦੀ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ, “ਅਦਾਲਤ ਨਾਲ ਖੇਡਾਂ ਖੇਡਣ ਜਾਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਤੁਹਾਨੂੰ ਅਪੀਲ ਕਰਨ ਦਾ ਪੂਰਾ ਹੱਕ ਹੈ, ਕਿਰਪਾ ਕਰਕੇ ਉਸ ਹੱਕ ਦੀ ਵਰਤੋਂ ਕਰਦਿਆਂ ਅਦਾਲਤ ਤੋਂ ਫ਼ੈਸਲਾ ਲਓ।” ਅਦਾਲਤ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਕੇਂਦਰ ਸਰਕਾਰ ਦੀ ਤਰਜ਼ ’ਤੇ ਬਕਾਇਆ ਡੀਏ/ਡੀਆਰ ਦੀਆਂ ਕਿਸ਼ਤਾਂ ਜਾਰੀ ਕਰਨ ਦੇ 3 ਅਗਸਤ ਦੇ ਹੁਕਮਾਂ ਦੀ ਤਾਮੀਲ ਨਾ ਕਰਨ ਨਾਲ ਸਬੰਧਤ ਅਰਜ਼ੀਆਂ ’ਤੇ ਸੁਣਵਾਈ ਕਰ ਰਹੀ ਸੀ।
ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਦੱਸਿਆ ਕਿ ਸਰਕਾਰ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀਆਂ ਖਾਮੀਆਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਅਪੀਲ ਲਈ 90 ਦਿਨਾਂ ਦੀ ਮਿਆਦ ਉਪਲਬਧ ਹੈ। ਇਸ ’ਤੇ ਬੈਂਚ ਨੇ ਕਿਹਾ ਕਿ ਸਰਕਾਰ ਦੇ ਅਪੀਲ ਦੇ ਅਧਿਕਾਰ ’ਤੇ ਕੋਈ ਸਵਾਲ ਨਹੀਂ ਹੈ, ਪਰ ਮਾਮਲੇ ਨੂੰ ਇਸ ਤਰ੍ਹਾਂ ਲਟਕਾ ਕੇ ਨਹੀਂ ਰੱਖਿਆ ਜਾ ਸਕਦਾ। ਬੈਂਚ ਨੇ ਕਿਹਾ, “ਅਸੀਂ ਮਾਮਲਾ ਇੱਕ ਹਫ਼ਤੇ ਲਈ ਮੁਲਤਵੀ ਕਰ ਰਹੇ ਹਾਂ, ਅਗਲੇ ਹਫ਼ਤੇ ਤੱਕ ਸੁਪਰੀਮ ਕੋਰਟ ਵਿੱਚ ਆਪਣੀ ਅਪੀਲ 'ਤੇ ਸੁਣਵਾਈ ਕਰਵਾਓ, ਨਹੀਂ ਤਾਂ ਅਸੀਂ ਇਸ ਮਾਮਲੇ ’ਚ ਅਗਲੀ ਕਾਰਵਾਈ ਕਰਾਂਗੇ।”
ਅਦਾਲਤੀ ਮਾਣਹਾਨੀ ਅਤੇ 3 ਅਗਸਤ ਦੇ ਫ਼ੈਸਲੇ ਦਾ ਪਿਛੋਕੜ
ਸਰਕਾਰੀ ਵਕੀਲ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਮੂਲ ਪਟੀਸ਼ਨਰਾਂ ਨੇ ਪਹਿਲਾਂ ਹੀ ਨਿਯਮਤ ਬੈਂਚ ਦੇ ਸਾਹਮਣੇ ਅਦਾਲਤੀ ਮਾਣਹਾਨੀ ਦੀਆਂ ਕਾਰਵਾਈਆਂ ਸ਼ੁਰੂ ਕੀਤੀਆਂ ਹੋਈਆਂ ਹਨ, ਜਿਸ ਨਾਲ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ। ਦੂਜੇ ਪਾਸੇ, ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਚੇਤਨ ਮਿੱਤਲ ਨੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੂੰ ਹੁਕਮਾਂ ਦੀ ਪਾਲਣਾ ਜਾਂ ਸੁਪਰੀਮ ਕੋਰਟ ਵਿੱਚ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਹਲਫ਼ਨਾਮਾ (Affidavit) ਦਾਇਰ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਇਹ ਵਿਵਾਦ ਹਾਈ ਕੋਰਟ ਦੇ 8 ਅਪਰੈਲ ਦੇ ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸ਼ੁਰੂ ਹੋਇਆ ਸੀ, ਜਿਸ ਵਿੱਚ ਪੰਜਾਬ ਸਰਕਾਰ ਨੂੰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ’ਤੇ ਡੀਏ ਅਤੇ ਡੀਆਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਬਾਅਦ 3 ਅਗਸਤ ਨੂੰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਦੀਆਂ ਅਪੀਲਾਂ ਨੂੰ ਖਾਰਜ ਕਰਦਿਆਂ ਸਿੰਗਲ ਬੈਂਚ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਸੀ ਅਤੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਬਕਾਇਆ ਡੀਏ ਜਾਰੀ ਕਰਨ ਦਾ ਹੁਕਮ ਦਿੱਤਾ ਸੀ।

