Punjab Flood Update: ਦਰਿਆਵਾਂ ’ਤੇ ਬਣੇ ਸਰਕਾਰੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਕਰਾਰ
ਗੋਇਲ ਨੇ ਦੱਸਿਆ ਕਿ ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ 14,200 ਏਕੜ ਫ਼ਸਲ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੀ ਬਾਰਸ਼ ਦਾ ਅਸਰ ਪੰਜਾਬ ’ਤੇ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਕਈ ਪਿੰਡ ਦਰਿਆਵਾਂ ’ਚ ਹਨ ਅਤੇ ਜਿੱਥੇ ਲੋਕਾਂ ਨੇ ਆਰਜ਼ੀ ਬੰਨ੍ਹ ਬਣਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਤਿੰਨ ਹਜ਼ਾਰ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ 600 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿੱਚ ਰਾਹਤ ਅਤੇ ਬਚਾਅ ਕੇਂਦਰ ਬਣਾਏ ਗਏ ਹਨ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੰਜ ਪਿੰਡ ਅਤੇ 4800 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਜ਼ਿਲ੍ਹੇ ਦੇ ਇੱਕ ਪਿੰਡ ਦਾ ਬਾਕੀ ਖ਼ਿੱਤੇ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 6400 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਬੀਬੀਐੱਮਬੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।