‘ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਨੀਤੀ ’ਤੇ ਚੱਲ ਰਹੀ ਹੈ ਪੰਜਾਬ ਸਰਕਾਰ’
ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਵਿੱਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਨ ਫਾਕੇ ਕੱਟਣ ਲਈ ਮਜਬੂਰ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਪੈਨਸ਼ਨਰ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਐੱਸਐੱਸ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਭਰਤੀਆਂ ਬੰਦ ਕਰਕੇ ਅਤੇ ਸਕੂਲਾਂ ਦੀ ਗਰਾਂਟ 95 ਤੋਂ 70 ਫੀਸਦੀ ਕਰਕੇ ਸਕੂਲਾਂ ਨੂੰ ਬੰਦ ਕਰਨ ਦੀ ਸਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਏਡਿਡ ਸਕੂਲਾਂ ਦੀ ਪ੍ਰਬੰਧਕ ਕਮੇਟੀਆਂ ਦੇ ਫੰਡਾਂ ਦੀ ਆਡਿਟ ਕਰਨ ਦੇ ਬਹਾਨੇ ਮਾਰਚ ਮਹੀਨੇ ਤੋਂ ਬਾਅਦ ਤਨਖਾਹ ਜਾਰੀ ਨਹੀਂ ਕੀਤੀ ਗਈ। ਸਕੂਲਾਂ ਦੀਆਂ ਕਮੇਟੀਆਂ ਅਨਏਡਿਡ ਸਟਾਫ ਤੇ ਸਕੂਲ ਹੋਰ ਖਰਚੇ ਚੁੱਕ ਕੇ ਸਰਕਾਰ ਦੀਆਂ ਜ਼ਿੰਮੇਵਾਰੀ ਘਟਾ ਰਹੀਆਂ ਹਨ। ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਏਡਿਡ ਸਕੂਲਾਂ ਵੱਲ ਧਿਆਨ ਦੇ ਕੇ ਮਸਲੇ ਹੱਲ ਕਰਵਾਏ ਜਾਣ ਤੇ ਤਾਨਖਾਹ ਦਿੱਤੀਆਂ ਜਾਣ ਨਹੀਂ ਤਾਂ ਰੋਸ ਵੱਜੋ ਅਧਿਆਪਕ ਦਿਵਸ ਨੂੰ ਕਾਲਾ ਦਿਨ ਵਜੋਂ ਮਨਾਇਆ ਜਾਵੇਗਾ।