ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ ਦਿਸ਼ਾ ਨਿਰਦੇਸ਼ ਜਾਰੀ
ਚਰਨਜੀਤ ਭੁੱਲਰ
ਚੰਡੀਗੜ੍ਹ, 10 ਮਈ
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਰੀ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਕਿਸੇ ਵੀ ਵਿਦਿਆਰਥੀ ਨੂੰ ਕੈਂਪਸ ਛੱਡਣ ਲਈ ਮਜਬੂਰ ਨਾ ਕੀਤਾ ਜਾਵੇ, ਬਸ਼ਰਤੇ ਉਹ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਘਰ ਨਹੀਂ ਜਾ ਸਕਦਾ ਜਾਂ ਜਾਣਾ ਨਹੀਂ ਚਾਹੁੰਦਾ।
ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਦਿਆਰਥੀਆਂ ਲਈ ਖਾਣ-ਪੀਣ, ਰਿਹਾਇਸ਼ ਅਤੇ ਸਿਹਤ ਸੰਭਾਲ ਦੀ ਪੂਰੀ ਵਿਵਸਥਾ ਕੀਤੀ ਜਾਵੇ। ਪ੍ਰੀਖਿਆਵਾਂ ਨੂੰ ਕਿਸੇ ਵੀ ਵਿਦਿਆਰਥੀ ਨੂੰ ਕੈਂਪਸ ’ਚ ਰੋਕਣ ਦਾ ਆਧਾਰ ਨਾ ਬਣਾਇਆ ਜਾਵੇ। ਜੋ ਵਿਦਿਆਰਥੀ ਘਰ ਵਾਪਸ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕੋਈ ਅਕਾਦਮਿਕ ਸਜ਼ਾ ਨਾ ਦਿੱਤੀ ਜਾਵੇ। ਇਨ੍ਹਾਂ ਵਿਦਿਆਰਥੀਆਂ ਲਈ ਮੁੜ ਪ੍ਰੀਖਿਆ ਜਾਂ ਹੋਰ ਬਦਲ ਉਪਲਬਧ ਕਰਵਾਏ ਜਾਣ।
ਪੰਜਾਬ ਸਰਕਾਰ ਨੇ ਸਾਰੀਆਂ ਸੰਸਥਾਵਾਂ ਨੂੰ ਇਹ ਨਿਰਦੇਸ਼ ਲਾਗੂ ਕਰਨ ਲਈ ਕਿਹਾ ਹੈ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰ ਵਿਦਿਆਰਥੀ ਦੀ ਭਲਾਈ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ।