ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨੇ ਪੰਜਾਬ ਸਰਕਾਰ: ਚੰਦੂਮਾਜਰਾ
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਰਕਾਰ ਵੱਲੋਂ ਬੁਲਾਏ ਜਾਣ ਵਾਲੇ ਵਿਸ਼ੇਸ਼ ਸੈਸ਼ਨ ਦਾ ਸਵਾਗਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਵਰ੍ਹੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨੇ ਤੇ ਕੇਂਦਰ ਸਰਕਾਰ ਇਸ ਇਤਿਹਾਸਕ ਮੌਕੇ ’ਤੇ ਯਾਦਗਾਰ ਬਣਾਉਣ ਲਈ ਇੱਕ ਸਪੈਸ਼ਲ ਪੈਕੇਜ ਦਾ ਐਲਾਨ ਕਰੇ। ਉਨ੍ਹਾਂ ਇਹ ਮੰਗ ਅੱਜ ਇੱਥੇ ਪੀਐਸਸੀਬੀ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਸਾਰੇ ਸਮਾਗਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਕੀਤੇ ਜਾਣੇ ਚਾਹੀਦੇ ਹਨ ਤੇ ਸੂਬਾ ਸਰਕਾਰ ਨੂੰ ਹਰ ਸਹਿਯੋਗ ਦੇਣਾ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੀਆਂ ਪੰਥ ਧਿਰਾਂ ਨੂੰ ਨਾਲ ਲੈ ਕੇ ਇਨ੍ਹਾਂ ਸਮਾਗਮਾਂ ਨੂੰ ਮਨਾਏ ਤਾਂ ਕਿ ਇਨ੍ਹਾਂ ਸਮਾਗਮਾਂ ਮੌਕੇ ਕੋਈ ਵਿਵਾਦ ਪੈਦਾ ਨਾ ਹੋਵੇ।
ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਲਾਏ ਜਾਣ ਦਾ ਸਵਾਗਤ ਕੀਤਾ ਹੈ। ਇਸ ਮੌਕੇ ਠੇਕੇਦਾਰ ਗੁਰਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਪੰਮਾ ਤੇ ਪ੍ਰੋ. ਹਰਪ੍ਰੀਤ ਸਿੰਘ ਹਾਜ਼ਰ ਸਨ।