ਪੰਜਾਬ ਸਰਕਾਰ ਹੜ੍ਹਾਂ ਨਾਲ ਖੇਤਾਂ ਵਿੱਚ ਆਈ ਰੇਤ ਦੀ ਮਾਈਨਿੰਗ ਲਈ ਲਿਆਵੇਗੀ ਪਾਲਿਸੀ: ਸਿਸੋਦੀਆ
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਖੇਤਾਂ ਵਿੱਚੋਂ ਮਾਈਨਿੰਗ ਲਈ ਵਿਸ਼ੇਸ਼ ਪਾਲਿਸੀ ਲਿਆਂਦੀ ਜਾਵੇਗੀ ਤਾਂ ਜੋ ਖੇਤਾਂ ਵਿੱਚ ਹੜ੍ਹਾਂ ਕਰਕੇ ਆਈ ਗਾਰ (ਰੇਤਾ) ਤੋਂ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਸਭ ਤੋਂ ਵੱਧ ਖਦਸ਼ਾ ਹੈ ਕਿ ਹੜ੍ਹਾਂ ਦੀ ਮਾਰ ਕਰਕੇ ਉਨ੍ਹਾਂ ਦੇ ਖੇਤਾਂ ਵਿੱਚ ਦੋ ਦੋ ਫੁੱਟ ਤੱਕ ਗਾਰ ਆ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਆਗਾਮੀ ਸਮੇਂ ਦੌਰਾਨ ਖੇਤੀ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸੇ ਨੂੰ ਵੇਖਦਿਆਂ ਸੂਬਾ ਸਰਕਾਰ ਵੱਲੋਂ ਜਲਦ ਹੀ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਗਾਰ ਨੂੰ ਹਟਾਉਣ ਲਈ ਮਾਈਨਿੰਗ ਪਾਲਿਸੀ ਲਿਆਂਦੀ ਜਾਵੇਗੀ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਜਦੋਂ ਕਿ ਉਨ੍ਹਾਂ ਨੂੰ ਰਾਜਨੀਤੀ ਬੰਦ ਕਰਕੇ ਪੰਜਾਬ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਜਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਦੀ ਇਸ ਬਕਾਇਆ ਰਾਸ਼ੀ ਨੂੰ ਪਹਿਲ ਦੇ ਅਧਾਰ ’ਤੇ ਜਾਰੀ ਕਰਨ।