ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਅਤੇ ਜਨਰਲ ਸਕੱਤਰ ਰਾਮਵੀਰ ਭੱਟੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਼ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਤਾਕੀਦ ਕਰ ਰਹੇ ਹਨ, ਪਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਕੋਈ ਖਾਸ ਰਾਹਤ ਨਹੀਂ ਦਿੱਤੀ ਜਾ ਰਹੀ ਹੈ ਜਦੋਂਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਸਿੱਧੇ ਤੌਰ ’ਤੇ ਬੀਜਣ ਵਾਲੇ ਕਿਸਾਨਾਂ ਨੂੰ 4000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇ ਰਹੀ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ਸਿਰਫ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕਰ ਕੇ ਕਿਸਾਨਾਂ ਦਾ ਮਜ਼ਾਕ ਉਡਾਇਆ ਹੈ।