ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab - Haryana Water Issue: ਭਾਜਪਾ ਕਰ ਰਹੀ ਪੰਜਾਬ ਖ਼ਿਲਾਫ਼ ਡੂੰਘੀ ਸਾਜ਼ਿਸ਼: ਭਗਵੰਤ ਮਾਨ

Punjab - Haryana Water Issue:
ਮੁੱਖ ਮੰਤਰੀ ਭਗਵੰਤ ਮਾਨ
Advertisement

ਮੁੱਖ ਮੰਤਰੀ ਨੇ ਨਾਇਬ ਸਿੰਘ ਸੈਣੀ ਨੂੰ ਲਿਖਿਆ ਮੋੜਵਾਂ ਪੱਤਰ; ਪੰਜਾਬ ਦੇ ਪਾਣੀਆਂ ’ਤੇ ‘ਡਾਕਾ ਮਾਰਨ’ ਲਈ BBMB ਦੀ ਮੀਟਿੰਗ ’ਚ ਗ਼ੈਰਕਾਨੂੰਨੀ ਢੰਗ ਨਾਲ ਮਤਾ ਪਾਸ ਕਰਵਾਉਣ ਦੇ ਲਾਏ ਦੋਸ਼

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 30 ਅਪਰੈਲ

Punjab - Haryana Water Issue: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਰਿਆਣਾ ਦੇ ਆਪਣੇ ਹਮਰੁਤਬਾ ਨਾਇਬ ਸਿੰਘ ਸੈਣੀ ਨੂੰ ਜੁਆਬੀ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾ ਸਕਦਾ ਹੈ ਅਤੇ ਪੰਜਾਬ ਦਾ ਪਾਣੀ ਪੰਜਾਬ ਲਈ ਹੀ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਕੇਂਦਰ ਦੇ ਜ਼ਰੀਏ ਪੰਜਾਬ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਰੀਕੇ ਨਾਲ ਬੀਬੀਐੱਮਬੀ ਬੋਰਡ ਦੀ ਮੀਟਿੰਗ ਸੱਦ ਕੇ ਗੈਰਕਾਨੂੰਨੀ ਮਤਾ ਪਾਸ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਹੱਕ ਖੋਹਣ ਨਹੀਂ ਦੇਣਗੇ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 27 ਅਪਰੈਲ ਨੂੰ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ ਅਤੇ ਬਾਅਦ ਵਿੱਚ ਕਿਹਾ ਸੀ ਕਿ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਭਰੋਸਾ ਦਿੱਤਾ ਸੀ। ਭਗਵੰਤ ਮਾਨ ਨੇ ਮੋੜਵੇਂ ਪੱਤਰ ’ਚ ਕਿਹਾ ਹੈ ਕਿ ਉਨ੍ਹਾਂ ਨੇ ਅਜਿਹਾ ਕੋਈ ਭਰੋਸਾ ਦਿੱਤਾ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਡੇ ਦਿਲ ਵਾਲੇ ਹਨ ਅਤੇ ਗੁਰੂ ਸਾਹਿਬਾਨ ਦੀ ਸਿੱਖਿਆ ’ਤੇ ਚੱਲਦਿਆਂ ਪੰਜਾਬ ਸਰਕਾਰ ਨੇ 6 ਅਪਰੈਲ ਤੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦੇਣਾ ਸ਼ੁਰੂ ਕੀਤਾ ਜਦੋਂ ਕਿ ਹਰਿਆਣਾ ਦੀ ਆਬਾਦੀ ਦੇ ਲਿਹਾਜ਼ ਨਾਲ 1700 ਕਿਊਸਿਕ ਪਾਣੀ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਹੁਣ ਸਿੰਜਾਈ ਲਈ ਵਾਧੂ ਪਾਣੀ ਮੰਗ ਰਿਹਾ ਹੈ ਅਤੇ ਬਹਾਨਾ ਪੀਣ ਵਾਲੇ ਪਾਣੀ ਦੇ ਸੰਕਟ ਦਾ ਲਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦਾ ਹਿੱਸਾ 2.987 ਐਮਏਐਫ ਬਣਦਾ ਹੈ ਜਦੋਂ ਕਿ ਹਰਿਆਣਾ 3.110 ਐਮਏਐੱਫ ਪਾਣੀ ਲੈ ਚੁੱਕਾ ਹੈ। ਉਨ੍ਹਾਂ ਸੁਆਲ ਉਠਾਇਆ ਕਿ ਹਰਿਆਣਾ ਦੀ ਦਸ ਦਿਨਾਂ ਵਿੱਚ ਹੀ ਪਾਣੀ ਦੀ ਮੰਗ ਚਾਰ ਹਜ਼ਾਰ ਤੋਂ ਵਧ ਕੇ 8500 ਕਿਊਸਿਕ ਕਿਵੇਂ ਹੋ ਗਈ। ਮਾਨ ਨੇ ਕਿਹਾ ਕਿ ਡੈਮਾਂ ਵਿੱਚ ਐਤਕੀਂ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਹੈ।

ਪਿਛਲੇ ਸਾਲ ਦੇ ਮੁਕਾਬਲੇ ਪੌਂਗ ਡੈਮ ਦਾ ਪਾਣੀ ਦਾ ਪੱਧਰ 32 ਫੁੱਟ, ਭਾਖੜਾ 12 ਫੁੱਟ ਅਤੇ ਰਣਜੀਤ ਸਾਗਰ ਡੈਮ 14 ਫੁੱਟ ਨੀਵਾਂ ਹੈ ਅਤੇ ਇਨ੍ਹਾਂ ਹਾਲਾਤ ਵਿੱਚ ਪੰਜਾਬ ਨੂੰ ਬੂੰਦ ਬੂੰਦ ਪਾਣੀ ਸਹਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ 31 ਮਾਰਚ ਤੱਕ ਲੈ ਚੁੱਕਾ ਹੈ।

Advertisement
Show comments