ਹਰਜੀਤ ਸਿੰਘ
ਡੇਰਾਬੱਸੀ, 25 ਅਗਸਤ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਕੌਮੀ ਟੀਕਾਕਰਨ ਪ੍ਰੋਗਰਾਮ ਅਧੀਨ ਨਿਊਮੋਕੋਕਲ ਕੰਜੂਗੇਟ ਵੈਕਸੀਨ ਲਾਂਚ ਕੀਤੀ ਗਈ। ਡੇਰਾਬੱਸੀ ਦੇ ਉਪ ਮੰਡਲ ਹਸਪਤਾਲ ਵਿੱਚ ਇਸ ਸਬੰਧੀ ਸੂਬਾ ਪੱਧਰੀ ਸਮਾਗਮ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਇਹ ਟੀਕਾ ਬੱਚਿਆਂ ਨੂੰ ਸਟ੍ਰੈਪਟੋਕੋਕਸ ਨਮੂਨੀਆ (ਨਮੂਨੀਆ, ਮੈਨਿਨਜੀਟਿਸ, ਸੈਪਟੀਸੀਮੀਆ) ਵਜੋਂ ਜਾਣੇ ਜਾਂਦੇ ਬੈਕਟੀਰੀਆ ਕਾਰਨ ਹੋਣ ਵਾਲੀਆਂ ਘਾਤਕ ਬਿਮਾਰੀਆਂ ਤੋਂ ਬਚਾਏਗਾ। ਇਹ ਤਿੰਨ ਖੁਰਾਕਾਂ ਵਿੱਚ ਲਗਾਇਆ ਜਾਂਦਾ ਹੈ, ਜਿਸ ਵਿੱਚੋਂ ਦੋ ਪ੍ਰਾਇਮਰੀ ਖੁਰਾਕਾਂ 6ਵੇਂ ਤੇ 14ਵੇਂ ਹਫਤੇ ਵਿੱਚ ਦਿੱਤੀਆਂ ਜਾਂਦੀਆਂ ਹਨ ਅਤੇ ਤੀਜੀ ਬੂਸਟਰ ਖੁਰਾਕ ਨੌਂ ਮਹੀਨੇ ਪੂਰੇ ਹੋਣ ਤੋਂ ਬਾਅਦ ਦਿੱਤੀ ਜਾਂਦੀ ਹੈ। ਇਹ ਟੀਕਾ ਨਿਯਮਤ ਟੀਕਾਕਰਨ ਅਧੀਨ ਹੋਰ ਟੀਕਿਆਂ ਦੀ ਤਰਾਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਇਆ ਜਾਵੇਗਾ। ਇਸ ਟੀਕੇ ਦੀ ਸ਼ੁਰੂਆਤ ਨਿਊਮੋਕੋਕਲ (ਨਮੂਨੀਆ ਨਾਲ ਸਬੰਧਤ) ਬਿਮਾਰੀਆਂ ਕਾਰਨ ਹੋਣ ਵਾਲੀਆਂ 5 ਫੀਸਦ ਮੌਤਾਂ ਨੂੰ ਘਟਾ ਦੇਵੇਗੀ ਜੋ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਨ ਬਣਦੀ ਹੈ।
ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਕਰੋਨਾਵਾਇਰਸ ਦੀ ਤੀਜੀ ਲਹਿਰ ਨੂੰ ਠੱਲ੍ਹਣ ਲਈ ਸੂਬੇ ਕੋਲ ਲੋੜੀਂਦੀ ਮਾਤਰਾ ਵਿੱਚ ਮੈਡੀਕਲ ਆਕਸੀਜਨ ਅਤੇ ਹੋਰ ਬੁਨਿਆਦੀ ਢਾਂਚਾ ਮੌਜੂਦ ਹੈ। ਹਸਪਤਾਲਾਂ ਵਿੱਚ ਪੀਐੱਸਏ ਪਲਾਂਟ ਸਥਾਪਤ ਕੀਤੇ ਗਏ ਹਨ ਜਾਂ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਹਰ ਬੈੱਡ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਡੇਰਾਬੱਸੀ ਵਿੱਚ ਜ਼ਚਾ-ਬੱਚਾ ਹਸਪਤਾਲ ਖੋਲ੍ਹਣ ਦੀ ਮਨਜ਼ੂਰੀ ਮਿਲੀ ਹੈ ਪਰ ਇੱਥੇ ਉਸ ਲਈ ਲੋੜੀਂਦੀ ਥਾਂ ਦੀ ਘਾਟ ਹੈ, ਇਸ ਵਾਸਤੇ ਨਾਲ ਲੱਗਦੀ ਬੀਡੀਪੀਓ ਦਫ਼ਤਰ ਦੀ ਇਮਾਰਤ ਨੂੰ ਹਸਪਤਾਲ ਵਿੱਚ ਰਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ ਆਦਿ ਅਧਿਕਾਰੀ ਵੀ ਹਾਜ਼ਰ ਸਨ।
ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼
ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਦੇ ਪੇਟ ਦੇ ਕੀੜਿਆਂ ਦੇ ਖ਼ਾਤਮੇ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਕਰਪੁਰ ਤੋਂ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਇਕ ਤੋਂ 19 ਸਾਲ ਉਮਰ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ। ਇਹ ਗੋਲੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਸਿਹਤ ਕਾਮਿਆਂ ਰਾਹੀਂ ਮੁਫ਼ਤ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਦਾ ਵਿਕਾਸ ਚੰਗੀ ਤਰ੍ਹਾਂ ਨਹੀਂ ਹੁੰਦਾ ਅਤੇ ਉਨ੍ਹਾਂ ਅੰਦਰ ਖ਼ੂਨ ਦੀ ਕਮੀ ਆ ਜਾਂਦੀ ਹੈ। ਉਨ੍ਹਾਂ ਐਲਬੈਂਡਾਜ਼ੋਲ ਗੋਲੀ ਦੇ ਫਾਇਦਿਆਂ ਬਾਰੇ ਦੱਸਦਿਆਂ ਸਬੰਧਤ ਵਿਭਾਗਾਂ ਨੂੰ ਇਸ ਕੰਮ ਵਿਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਅਤੇ ਲੋਕਾਂ ਨੂੰ ਇਸ ਕਾਰਜ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਡਾਇਰੈਕਟਰ ਡਾ. ਜੀ.ਬੀ. ਸਿੰਘ, ਡਾ. ਅੰਦੇਸ਼ ਕੰਗ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਆਦਿ ਵੀ ਮੌਜੂਦ ਸੀ।