ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 10 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਪਿੰਡ ਚਨਾਰਥਲ ਵਿਚ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਕਾਂਗਰਸ ਉਮੀਦਵਾਰ ਕੁਲਜੀਤ ਸਿੰਘ ਨਾਗਰਾ ਦੇ ਹੱਕ ’ਚ ਕੀਤੀ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀ ਤਿਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਲੋਕਾਂ ਪਾਸੋਂ ਕਰੋੜਾਂ ਰੁਪਏ ਜੀਐਸਟੀ ਵਸੂਲ ਰਹੀ ਹੈ ਪ੍ਰੰਤੂ ਪੰਜਾਬ ਦਾ ਕਰੋੜਾਂ ਰੁਪਏ ਦਾ ਬਕਾਇਆ ਜਾਰੀ ਨਾ ਕਰ ਕੇ ਪੰਜਾਬ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੰਜਾਬ ਦੀ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫ਼ੇਰੀ ਦੌਰਾਨ ਜੇਕਰ ਉਹ ਨਿਰਦੋਸ਼ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਦਿੰਦੇ ਤਾਂ ਉਹ ਖੁਸ਼ ਸੀ ਅਤੇ ਅਜਿਹਾ ਨਾ ਕਰਨ ਬਦਲੇ ਈਡੀ ਦੇ ਛਾਪੇ ਮਰਵਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਨੂੰ ਗੋਰੇ ਅੰਗਰੇਜ਼ਾਂ ਨੇ ਲੁੱਟਿਆ ਅਤੇ ਹੁਣ ਇਹ ਪੰਜਾਬ ਦੇ ਪਾਣੀਆਂ ’ਤੇ ਕਬਜ਼ਾ ਕਰਨ ਲਈ ਆਏ ਹਨ। ਇਸ ਕਾਰਨ ਹੀ ਕੇਜਰੀਵਾਲ ਨੇ ਪਾਣੀ ਦੇ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਅਰਜ਼ੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬੀਆਂ ਨਾਲ ਧੋਖਾ ਕਰਨ ਲਈ ਯਤਨਸ਼ੀਲ ਹੈ, ਜਿਸ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਾਂਗਰਸ ਉਮੀਦਵਾਰ ਕੁਲਜੀਤ ਸਿੰਘ ਨਾਗਰਾ ਨੂੰ ਇਮਾਨਦਾਰ ਅਤੇ ਮਿਹਨਤੀ ਇਨਸਾਨ ਦੱਸਦੇ ਹੋਏ ਭਾਰੀ ਬਹੁੱਮਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਾਗਰਾ ਨੇ ਹਲਕੇ ’ਚ ਕਰਵਾਏ ਵਿਕਾਸ ਦੇ ਨਾਮ ’ਤੇ ਵੋਟਾਂ ਮੰਗੀਆਂ। ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਫਿਲਮੀ ਅਦਾਕਾਰ ਯੋਗਰਾਜ ਸਿੰਘ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਪ੍ਰਧਾਨ ਅਸੋਕ ਸੂਦ, ਭੁਪਿੰਦਰ ਸਿੰਘ ਬਧੌਛੀ ਆਦਿ ਮੌਜੂਦ ਸਨ।
ਮੁੱਖ ਮੰਤਰੀ ਨੂੰ ਪਿੰਡ ਮੁੰਡੀਆਂ ’ਚ ਲੱਡੂਆਂ ਨਾਲ ਤੋਲਿਆ
ਚਮਕੌਰ ਸਾਹਿਬ(ਸੰਜੀਵ ਬੱਬੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਲਕੇ ਦੇ ਪਿੰਡ ਮੁੰਡੀਆਂ ਵਿੱਖ ਲੱਡੂਆਂ ਨਾਲ ਤੋਲਿਆ ਗਿਆ। ਉਨ੍ਹਾਂ ਡਹਿਰ, ਗੱਗੋਂ, ਗਧਰਾਮ ਅਤੇ ਸਲੇਮਪੁਰ ਆਦਿ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਚੰਨੀ ਨੇ ਉਕਤ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਅੱਖਾਂ ਦੇ ਡਾਕਟਰ ਹਨ ਪ੍ਰੰਤੂ ਉਨ੍ਹਾਂ ਨੇ ਹਲਕੇ ਵਿੱਚ ਕਿਸੇ ਵੀ ਵਿਅਕਤੀ ਦਾ ਅਪਰੇਸ਼ਨ ਮੁਫਤ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਵੱਲੋਂ ਹਲਕੇ ਦੇ ਕਰੀਬ 10 ਹਜ਼ਾਰ ਲੋਕਾਂ ਦੀਆਂ ਅੱਖਾਂ ਦੇ ਅਪਰੇਸ਼ਨ ਮੁਫਤ ਕਰਵਾਏ ਗਏ ਹਨ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਬਦਲਾਅ ਦੀ ਗੱਲ ਕਰਨ ’ਤੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਜਵਾੜਾਸ਼ਾਹੀ ਦੇ ਰਾਜ ਦਾ ਖਾਤਮਾ ਕਰ ਕੇ ਆਮ ਆਦਮੀ ਪਰਿਵਾਰ ਵਿੱਚੋਂ ਦੇਸ਼ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਾ ਕੇ ਬਦਲਾਅ ਤਾਂ ਪਹਿਲਾਂ ਹੀ ਲਿਆ ਦਿੱਤਾ ਹੈ, ਜਿਸ ਨੂੰ ਹੁਣ ਬਰਕਰਾਰ ਰੱਖਣ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਅਦਾਕਾਰ ਯੋਗਰਾਜ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਚੰਨੀ ਨੂੰ ਇੱਕ ਸੁਪਰਸਟਾਰ ਮੁੱਖ ਮੰਤਰੀ ਅਤੇ ਅਲਾਦੀਨ ਦਾ ਚਿਰਾਗ ਦੱਸਿਆ।