ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਫਰਵਰੀ
ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਸੰਯੁਕਤ ਸਮਾਜ ਮੋਰਚੇ ਦੀ ਟਿਕਟ ’ਤੇ ਚੋਣ ਲੜ ਰਹੇ ਨੌਜਵਾਨ ਕਿਸਾਨ ਆਗੂ ਰਵਨੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਭਖਾ ਦਿੱਤਾ ਹੈ। ਉਨ੍ਹਾਂ ਨੇ ਮੁਹਾਲੀ ਵਿੱਚ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਵਾਇਤੀ ਪਾਰਟੀਆਂ ਅਤੇ ਹੋਰ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਧਰਨਾ ਲਗਾ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਜਗਤ ਨੂੰ ਝੁਕਾਇਆ ਸੀ, ਉਸੇ ਤਰ੍ਹਾਂ ਮੁਹਾਲੀ ਵਿੱਚ ਰਵਨੀਤ ਬਰਾੜ ਧਨਾਢਾਂ ਨੂੰ ਝੁਕਾਉਣਗੇ।
ਸ੍ਰੀ ਚੜੂਨੀ ਨੇ ਕਿਹਾ ਕਿ ਪੰਜਾਬ ਨੂੰ ਅੱਜ ਪੜ੍ਹੇ-ਲਿਖੇ ਅਤੇ ਅਗਾਂਹਵਧੂ ਸੋਚ ਵਾਲੇ ਨੌਜਵਾਨਾਂ ਦੀ ਲੋੜ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉੱਦਮੀ ਨੌਜਵਾਨਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣ ਤਾਂ ਜੋ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ।
ਕਿਸਾਨ ਆਗੂ ਨੇ ‘ਆਪ’ ਉਮੀਦਵਾਰ ਕੁਲਵੰਤ ਸਿੰਘ ਅਤੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਅਰਬਪਤੀ ਹੋਣ ਬਾਰੇ ਬੋਲਦਿਆਂ ਕਿਹਾ ਕਿ ਇਨ੍ਹਾਂ ਧਨਾਢਾਂ ਨੇ ਪੰਜਾਬ ਵਿੱਚ ਰਾਜ ਕਰਨ ਦਾ ਠੇਕਾ ਨਹੀਂ ਲਿਆ ਹੈ ਅਤੇ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ।
ਉਨ੍ਹਾਂ ਇਲਾਕੇ ਦੇ ਸਮੂਹ ਵੋਟਰਾਂ ਨੂੰ ਖ਼ਾਸ ਕਰ ਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਮੌਕਾ ਦੇਣ ਤਾਂ ਜੋ ਰਵਾਇਤੀ ਪਾਰਟੀਆਂ ਵੱਲੋਂ ਵਾਰੀ ਬੰਨ੍ਹ ਕੇ ਪੰਜਾਬ ਅਤੇ ਕਿਸਾਨੀ ਦੇ ਕੀਤੇ ਘਾਣ ਦਾ ਹਿਸਾਬ ਲਿਆ ਜਾ ਸਕੇ।